ਖੇਤਰੀ ਪ੍ਰਤੀਨਿਧ
ਲੁਧਿਆਣਾ, 2 ਅਕਤੂਬਰ
ਜਲ ਸ਼ਕਤੀ ਮੰਤਰਾਲੇ ਵੱਲੋਂ ਲੁਧਿਆਣਾ ਜ਼ਿਲ੍ਹੇ ਨੂੰ ‘ਹਰ ਘਰ ਜਲ’ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ ਹੈ। ਹੁਣ ਲੁਧਿਆਣਾ ਜ਼ਿਲ੍ਹੇ ਨੂੰ ਇਸ ਗੱਲ ’ਤੇ ਮਾਣ ਹੈ ਕਿ ਇੱਥੋਂ ਦੇ ਹਰ ਪਿੰਡ ਦੇ ਹਰ ਘਰ ’ਚ ਲੋਕਾਂ ਨੂੰ ਟੂਟੀ ਵਾਲਾ ਅਤੇ ਸਾਫ਼ ਪੀਣ ਵਾਲਾ ਪਾਣੀ ਉਪਲੱਬਧ ਹੈ। ਇਹ ਐਵਾਰਡ ਏਡੀਸੀ (ਸ਼ਹਿਰੀ ਵਿਕਾਸ) ਅਨੀਤਾ ਦਰਸ਼ੀ ਨੇ ਨਵੀਂ ਦਿੱਲੀ ਵਿੱਚ ਪ੍ਰਾਪਤ ਕੀਤਾ।
ਇਸ ਪ੍ਰਾਪਤੀ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਅਤੇ ਜਲ ਸਪਲਾਈ ਵਿਭਾਗ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਅੱਜ ਦੇ ਦਿਨ ਨੂੰ ਭਾਗਾਂ ਭਰਿਆ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਐਵਾਰਡ ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਵੀ ਸਨਮਾਨ ਹੈ ਜਿਨ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਪਿੰਡਾਂ ਵਿੱਚ ਹਰ ਘਰ ਦੇ ਵਸਨੀਕ ਨੂੰ ਪੀਣਯੋਗ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਈ। ਉਨ੍ਹਾਂ ਮੁਲਾਜ਼ਮਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੁਣ ਭਵਿੱਖ ਵਿੱਚ ਹੋਰ ਵੀ ਨਿਮਰਤਾ ਅਤੇ ਲਗਨ ਨਾਲ ਲੋਕਾਂ ਦੀ ਸੇਵਾ ਕਰਨ ਲਈ ਉਪਰਾਲੇ ਕਰੇਗਾ।