ਪੱਤਰ ਪ੍ਰੇਰਕ
ਮਾਛੀਵਾੜਾ, 7 ਅਕਤੂਬਰ
ਜ਼ਿਲ੍ਹਾ ਮੰਡੀ ਅਫ਼4ਸਰ ਵੱਲੋਂ ਅੱਜ ਮਾਛੀਵਾੜਾ ਅਨਾਜ ਮੰਡੀ ਵਿੱਚ ਕਿਸਾਨਾਂ ਦੀ ਫਸਲ ਤੁਲਾਈ ਕਰ ਰਹੇ ਆੜ੍ਹਤੀਆਂ ਦੇ ਕੰਡਿਆਂ ਦੀ ਅਚਨਚੇਤ ਜਾਂਚ ਕੀਤੀ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਦਵਿੰਦਰ ਸਿੰਘ ਕੈਂਥ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ’ਤੇੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਮੰਡੀ ਵਿਚ ਕਈ ਕੰਡਿਆਂ ਦੀ ਜਾਂਚ ਕੀਤੀ ਗਈ ਜਿੱਥੇ ਕਿ ਸਾਰਾ ਕੰਮ ਤਸੱਲੀਬਖ਼ਸ ਪਾਇਆ ਗਿਆ। ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ’ਤੇ ਬਾਹਰੋਂ ਝੋਨਾ ਲੈ ਕੇ ਆ ਰਹੇ ਵਾਹਨਾਂ ’ਤੇ ਵੀ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਜਿਸ ਤਹਿਤ ਅੱਜ ਪੁਲੀਸ ਅਧਿਕਾਰੀਆਂ ਨੂੰ ਨਾਲ ਲੈ ਕੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਆਪਣੀ ਫਸਲ ਵੇਚਣ ਸਮੇਂ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਮਾਰਕੀਟ ਕਮੇਟੀ ਦਫ਼ਤਰ ਵਿੱਚ ਆ ਕੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਜਾਂਚ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਕਿਸਾਨਾਂ ਨੂੰ ਮੰਡੀ ਵਿੱਚ ਕੋਈ ਦਿੱਕਤ ਨਾ ਆਵੇ ਤਾਂ ਕੀਤਾ ਜਾ ਰਿਹਾ ਹੈ। ਇਸ ਮੌਕੇ ਆੜ੍ਹਤੀ ਟਹਿਲ ਸਿੰਘ ਔਜਲਾ, ਅਮਰੀਕ ਸਿੰਘ ਔਜਲਾ, ਮੰਡੀ ਸੁਪਰਵਾਈਜ਼ਰ ਹਰਜੀਤ ਸਿੰਘ ਵੀ ਮੌਜੂਦ ਸਨ।