ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹਾਂ ਦਾ ਨਿਰੀਖਣ
ਤਿੰਨੋਂ ਜੇਲ੍ਹਾਂ ਵਿੱਚ ਪਾਈਆਂ ਗਈਆਂ ਖਾਮੀਅਾਂ ਨੂੰ ਤੁਰੰਤ ਦੂਰ ਕਰਨ ਦੇ ਹੁਕਮ
ਜਿਲ੍ਹਾ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਅੱਜ ਲੁਧਿਆਣਾ ਦੀਆਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਤੇ ਜਨਾਨਾ ਜੇਲ੍ਹ ਦੀ ਚੈਕਿੰਗ ਕੀਤੀ ਗਈ। ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਵੀ ਖਾਸ ਤੌਰ ’ਤੇ ਚੈਕਿੰਗ ਕੀਤੀ ਗਈ, ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ। ਚੈਕਿੰਗ ਦੌਰਾਨ ਸੈਸ਼ਨ ਜੱਜ ਵੱਲੋਂ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇਸ਼ ਤੌਰ ਤੇ ਨਿਰੀਖਣ ਕੀਤਾ ਗਿਆ ਅਤੇ ਉਥੇ ਬਣ ਰਹੇ ਖਾਣੇ ਜਿਸ ਵਿੱਚ ਰੋਟੀ ਅਤੇ ਦਾਲ, ਸਬਜ਼ੀ ਸ਼ਾਮਲ ਸਨ, ਉਸ ਨੂੰ ਚੈੱਕ ਕੀਤਾ ਗਿਆ।
ਇਸ ਤੋਂ ਇਲਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਵਿੱਚ ਵੱਖ-ਵੱਖ ਹਵਾਲਾਤੀਆਂ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਪੁੱਛਿਆ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਮੌਕੇ ’ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ। ਜਨਾਨਾ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਬੰਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਪੁੱਛਿਆ ਗਿਆ। ਇਸ ਮੌਕੇ ’ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਦੀਆਂ ਬੰਦੀ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਦੇ ਹੁਕਮ ਦਿੱਤੇ ਗਏ। ਉਨ੍ਹਾਂ ਨੇ ਜਨਾਨਾ ਜੇਲ੍ਹ ਵਿੱਚ ਬੰਦੀ ਔਰਤਾਂ ਨੂੰ ਮਿਲ ਰਹੀ ਮੈਡੀਕਲ ਸਹੂਲਤ ਦਾ ਵੀ ਨਿਰੀਖਣ ਕੀਤਾ ਗਿਆ। ਉਨ੍ਹਾਂ ਵੱਲੋਂ ਜੇਲ੍ਹ ਦੇ ਬੰਦੀਆਂ ਨੂੰ ਦੱਸਿਆ ਗਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ’ਤੇ ਵਕੀਲ ਕਰਨ ਵਿੱਚ ਅਸਮਰਥ ਹਨ, ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤੋਂ ਮੁਫਤ ਕਾਨੂੰਨੀ ਸਹਾਇਤਾ ਹਾਸਲ ਕਰ ਸਕਦੇ ਹਨ। ਉਨ੍ਹਾਂ ਵੱਲੋਂ ਜੇਲ੍ਹ ਵਿੱਚ ਬਣੀ ਹੋਈ ਫੈਕਟਰੀ ਦਾ ਵੀ ਦੌਰਾ ਕੀਤਾ, ਜਿਸ ਵਿੱਚ ਬਣਾਏ ਗਏ ਬਿਸਕੁਟਾਂ ਦੀ ਕੁਆਲਿਟੀ ਚੈੱਕ ਕੀਤੀ ਗਈ। ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੈਂਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਪਾਈਆਂ ਗਈਆਂ ਕਮੀਆਂ ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਸੁਮਿਤ ਸੱਭਰਵਾਲ, ਡੇਜ਼ੀ ਬਾਂਗੜ, ਵਰਿੰਦਰਜੀਤ ਸਿੰਘ ਰੰਧਾਵਾ, ਅਵੀਨਾਸ਼ ਪ੍ਰਤਾਪ ਸਿੱਧੂ ਸਣੇ ਹੋਰ ਅਧਿਕਾਰੀ ਮੌਜੂਦ ਸਨ।

