ਦੇਵਿੰਦਰ ਸਿੰਘ ਜੱਗੀ
ਪਾਇਲ, 20 ਜਨਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਦੋਰਾਹਾ ਦੇ ਕਨਵੀਨਰ ਪਰਮਵੀਰ ਸਿੰਘ ਘਲੋਟੀ ਅਤੇ ਪ੍ਰਧਾਨ ਰਵਨਦੀਪ ਸਿੰਘ ਘਲੋਟੀ ਨੇ ਅੱਜ ਇੱਥੇ ਦੱਸਿਆ ਕਿ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਵਿੱਚ ਯੂਰੀਆ ਖਾਦ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਕਣਕ ਦੀ ਫ਼ਸਲ ਨੂੰ ਯੂਰੀਆ ਖਾਦ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ। ਉਧਰ ਦੂਜੇ ਪਾਸੇ ਪ੍ਰਾਈਵੇਟ ਡੀਲਰਾਂ ਅਤੇ ਖਾਦਾਂ ਦੀਆਂ ਦੁਕਾਨਾਂ ’ਤੇ ਕਿਸਾਨਾਂ ਦੀ ਅੰਨ੍ਹੀ ਲੁੱਟ ਹੋ ਰਹੀ ਹੈ। ਕਿਸਾਨਾਂ ਨੂੰ ਖਾਦ ਦੇ ਨਾਲ ਹੋਰ ਸਾਮਾਨ ਲੈਣ ਲਈ ਮਜ਼ਬੂਰ ਕੀਤਾ ਜਾਂਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਸਹਿਕਾਰੀ ਸਭਾ ਘਲੋਟੀ ਵਿੱਚ ਇੱਕ ਵੀ ਥੈਲਾ ਯੂਰੀਆ ਖਾਦ ਦਾ ਨਹੀਂ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਤੁਰੰਤ ਯੂਰੀਆ ਖਾਦ ਕਿਸਾਨਾਂ ਨੂੰ ਮੁਹੱਈਆ ਕਰਵਾਵੇ ਅਤੇ ਕਿਸਾਨਾਂ ਦੀ ਲੁੱਟ ਕਰ ਰਹੇ ਡੀਲਰਾਂ ਅਤੇ ਦੁਕਾਨਦਾਰਾਂ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹਾਕਮ ਸਿੰਘ ਜਰਗੜੀ, ਲਖਵਿੰਦਰ ਸਿੰਘ ਲਾਡੀ ਉਕਸੀ ਵੀ ਮੌਜੂਦ ਸਨ।