ਅਮਲੋਹ ਚੌਕ ’ਤੇ ਸਥਾਪਤ ਹੋਵੇਗਾ ਡਾ. ਅੰਬੇਡਕਰ ਦਾ ਬੁੱਤ: ਸੌਂਦ
ਇਥੋਂ ਦੀ ਗੁਰੂ ਰਵਿਦਾਸ ਧਰਮਸ਼ਾਲਾ ਭੱਟੀਆਂ ਵਿੱਚ ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਹਾੜੇ ਨੂੰ ਸਮਰਪਿਤ ਜਾਗ੍ਰਤੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਿਸ ਵਿਚ ਕੈਬਨਿਟ ਮੰਤਰੀ ਨੇ ਸ੍ਰੀ ਗੜ੍ਹੀ ਵੱਲੋਂ ਰੱਖੀਆਂ ਮੰਗਾਂ ਨੂੰ ਪੂਰਾ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਖੰਨਾ ਦੇ ਅਮਲੋਹ ਚੌਕ ਜਿਸ ਦਾ ਪਹਿਲਾਂ ਨਾਂਅ ਡਾ. ਭੀਮ ਰਾਓ ਅੰਬੇਡਕਰ ਦੇ ਨਾਮ ’ਤੇ ਰੱਖਿਆ ਹੋਇਆ ਹੈ, ਵਿੱਚ ਆਉਣ ਵਾਲੇ ਤਿੰਨ ਮਹੀਨਿਆਂ ਦੇ ਅੰਦਰ ਬਾਬਾ ਸਾਹਿਬ ਜੀ ਦਾ ਬਹੁਤ ਵਧੀਆਂ ਬੁੱਤ ਸਥਾਪਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਆਪਣੇ ਅਖਤਿਆਰੀ ਕੋਟੇ ਵਿਚੋਂ ਪਿੰਡ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਖੰਨਾ ਸ਼ਹਿਰ ਵਿਚ 4 ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।
ਗੜ੍ਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਦੋਂ ਤੋਂ ਪੰਜਾਬ ਦੀ ਸੱਤਾ ਸੰਭਾਲੀ ਗਈ ਹੈ ਉਦੋਂ ਤੋਂ ਹੀ ਡਾ.ਅੰਬੇਦਕਰ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਬਾਬਾ ਸਾਹਿਬ ਦੀਆਂ ਕੀਤੀਆਂ ਨਿਰਸਵਾਰਥ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੀ ਗਈ ਅਨੇਕਤਾ ਵਿਚ ਏਕਤਾ ਦੀ ਧਾਰਨਾ ਦਾ ਮੂਲ ਸਿਧਾਂਤ ਕਈ ਚੁਣੌਤੀਆਂ ਦੇ ਬਾਵਜੂਦ ਅੱਜ ਵੀ ਬਰਕਰਾਰ ਹੈ। ਉਨ੍ਹਾਂ ਨੌਜਵਾਨਾਂ ਨੂੰ ਇਕ ਸਿਹਤਮੰਦ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਲਈ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨ ਲਈ ਬਾਬਾ ਸਾਹਿਬ ਦੇ ਸਾਹਿਤ ਨੂੰ ਪੜ੍ਹਨ ਲਈ ਪ੍ਰੇਰਿਤ ਕੀਤਾ।