ਗਗਨਦੀਪ ਅਰੋੜਾ
ਲੁਧਿਆਣਾ, 9 ਸਤੰਬਰ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਲੁਧਿਆਣਾ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਤੇ ਵਾਰਡਾਂ ਵਿੱਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਹਸਪਤਾਲ ਵਿੱਚ ਨਵਾਂ ਆਈਸੀਯੂ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਜਾਣਕਾਰੀ ਅਨੁਸਾਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਆਉਣ ਤੋਂ ਪਹਿਲਾਂ ਸਟਾਫ਼ ਵੱਲੋਂ ਭਾਵੇਂ ਹਸਪਤਾਲ ਦੀ ਸਾਫ਼ ਸਫ਼ਾਈ ਕਰਵਾਈ ਗਈ ਸੀ, ਪਰ ਮੰਤਰੀ ਦੇ ਆਉਂਦੇ ਹੀ ਇੱਕ ਮਰੀਜ਼ ਦੇ ਪਰਿਵਾਰਕ ਮੈਂਬਰ ਹਸਪਤਾਲ ’ਚ ਫੈਲੀ ਗੰਦਗੀ ਕਾਰਨ ਮੰਤਰੀ ’ਤੇ ਭੜਕ ਗਏ। ਜਿਸ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਚੁੱਪ ਕਰਵਾਇਆ। ਇਸ ਮਗਰੋਂ ਸਿਹਤ ਮੰਤਰੀ ਨੇ ਹਸਪਤਾਲ ’ਚ ਗੰਦਗੀ ਦੀ ਗੱਲ ਸੁਣ ਕੇ ਅਫ਼ਸਰਾਂ ਦੀ ਛਾੜ ਛੰਬ ਕੀਤੀ। ਉਨ੍ਹਾਂ ਨੇ ਉਕਤ ਪਰਿਵਾਰ ਨੂੰ ਇਨ੍ਹਾਂ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਉਹ ਮਹੀਨੇ ਬਾਅਦ ਫਿਰ ਹਸਪਤਾਲ ਦਾ ਦੌਰਾ ਕਰਨਗੇ। ਉਨ੍ਹਾਂ ਨੇ ਮੇਲ ਵਾਰਡ ਸਣੇ ਹੋਰਨਾਂ ਥਾਵਾਂ ਦਾ ਵੀ ਦੌਰਾ ਕੀਤਾ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲਾਂ ਵਿੱਚ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਇਸ ਮੁਹਿੰਮ ਦੇ ਹਿੱਸੇ ਵਜੋਂ ਲੁਧਿਆਣਾ ਸਿਵਲ ਹਸਪਤਾਲ ਵਿੱਚ ਜਲਦ ਹੀ ਜੀਵਨ ਸਹਾਇਤਾ ਪ੍ਰਣਾਲੀ ਵਾਲਾ ਇੱਕ ਨਵਾਂ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ.) ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਹਸਪਤਾਲਾਂ ਵਿੱਚ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ 1800 ਖਾਲੀ ਅਸਾਮੀਆਂ ਭਰਨ ਜਾ ਰਹੀ ਹੈ। ਇਨ੍ਹਾਂ ਅਸਾਮੀਆਂ ਵਿੱਚ ਡਾਕਟਰ, ਨਰਸਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਸ਼ਾਮਲ ਹੈ ਤਾਂ ਜੋ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਵਧੀਆ ਸੇਵਾਵਾਂ ਮਿਲ ਸਕਣ।
ਹਸਪਤਾਲ ਵਿੱਚ ਦਵਾਈਆਂ ਦੀ ਘਾਟ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਡਾ. ਬਲਬੀਰ ਸਿੰਘ ਨੇ ਕਿਹਾ ਕਿ, ਪਹਿਲਾਂ ਇਹ ਦਵਾਈਆਂ ਕੇਂਦਰ ਸਰਕਾਰ ਵੱਲੋਂ ਸਪਲਾਈ ਕੀਤੀਆਂ ਜਾਂਦੀਆਂ ਸਨ, ਪਰ ਉਨ੍ਹਾਂ ਨੇ ਸਪਲਾਈ ਨੂੰ ਬੰਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸੂਬਾ ਸਰਕਾਰ ਨੂੰ ਟੈਂਡਰ ਜਾਰੀ ਕਰਨੇ ਪਏ ਅਤੇ ਹੋਰ ਪ੍ਰਕਿਰਿਆਵਾਂ ਦੀ ਪਾਲਣਾ ਕਰਨੀ ਪਈ। ਇਨ੍ਹਾਂ ਦਵਾਈਆਂ ਦੀ ਖਰੀਦ, ਜੋ ਕਿ ਹੁਣ ਮੁਕੰਮਲ ਹੋ ਚੁੱਕੀ ਹੈ ਅਤੇ ਸਾਰੇ ਹਸਪਤਾਲਾਂ ਵਿੱਚ ਦਵਾਈਆਂ ਵੰਡੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦਵਾਈਆਂ ਦੀ ਕੋਈ ਕਮੀ ਨਾ ਰਹੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ, ਜਿਸ ਵਿੱਚ ਸਿਵਲ ਸਰਜਨ ਡਾ. ਹਤਿੰਦਰ ਕੌਰ ਤੇ ਐੱਸਐੱਮਓ ਸਿਵਲ ਹਸਪਤਾਲ ਸਣੇ ਹੋਰ ਅਧਿਕਾਰੀ ਹਾਜ਼ਰ ਸਨ।