ਸਤਵਿੰਦਰ ਬਸਰਾ
ਲੁਧਿਆਣਾ, 15 ਜੁਲਾਈ
ਇੰਟਰਨਸ਼ਿਪ ਭੱਤਾ ਵਧਾਉਣ ਦੀ ਮੰਗ ਨੂੰ ਲੈ ਕੇ ਵੈਟਰਨਰੀ ਵਿਦਿਆਰਥੀਆਂ ਦੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਡਾ. ਦਰਸ਼ਨ ਪਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਡਾਕਟਰ ਰਹੇ ਹਨ ਅਤੇ ਡਾਕਟਰ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਤੋਂ ਉਹ ਭਲੀਭਾਂਤ ਜਾਣੂ ਹਨ। ਧਰਨੇ ’ਤੇ ਬੈਠੇ ਵਿਦਿਆਰਥੀਆਂ ਨੂੰ ਮਿਲਣ ਆਏ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਵੈਟਰਨਰੀ ਵਿਦਿਆਰਥੀਆਂ ਦੀ ਮੰਗ ਪੂਰੀ ਤਰ੍ਹਾਂ ਜਾਇਜ਼ ਹੈ, ਪਰ ਅਫਸੋਸ ਪਹਿਲੀਆਂ ਅਤੇ ਮੌਜੂਦਾ ਸਰਕਾਰ ਵੱਲੋਂ ਇਸ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਧਰਨੇ ’ਤੇ ਬੈਠੇ ਵਿਦਿਆਰਥੀਆਂ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਵਿਦਿਆਰਥੀਆਂ ਦੀ ਗੱਲ ਮੁੱਖ ਮੰਤਰੀ ਤੱਕ ਪਹੁੰਚਾਉਣ ਦਾ ਭਰੋਸਾ ਵੀ ਦਿੱਤਾ। ਧਰਨੇ ਦੌਰਾਨ ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਵੈਟਰਨਰੀ ਯੂਨੀਵਰਸਿਟੀ ਦੇ ਕਈ ਉੱਚ ਅਧਿਕਾਰੀਆਂ ਨੇ ਵੀ ਅੱਜ ਉਨ੍ਹਾਂ ਤੱਕ ਪਹੁੰਚ ਕੀਤੀ। ਇਨ੍ਹਾਂ ਦਾ ਕਹਿਣਾ ਸੀ ਕਿ ਇੰਟਰਨਸ਼ਿਪ ਭੱਤੇ ਸਬੰਧੀ ਮਾਮਲਾ ’ਵਰਸਿਟੀ ਦੇ ਪ੍ਰਬੰਧਕੀ ਬੋਰਡ ਦੀ 20 ਜੁਲਾਈ ਨੂੰ ਹੋ ਰਹੀ ਮੀਟਿੰਗ ਵਿੱਚ ਰੱਖਿਆ ਜਾ ਰਿਹਾ ਹੈ। ਅਧਿਕਾਰੀਆਂ ਨੇ ਮੀਟਿੰਗ ਵਿੱਚ ਇਹ ਮਾਮਲਾ ਸੁਲਝਾਉਣ ਦਾ ਭਰੋਸਾ ਦਿੰਦਿਆਂ ਵਿਦਿਆਰਥੀਆਂ ਨੂੰ ਹਸਪਤਾਲ ਵਿੱਚ ਐਮਰਜੈਂਸੀ ਸਹੂਲਤਾਂ ਚਾਲੂ ਕਰਨ ਦੇ ਨਾਲ ਨਾਲ ਧਰਨਾ ਕਿਸੇ ਹੋਰ ਥਾਂ ’ਤੇ ਲਾਉਣ ਲਈ ਆਖਿਆ। ਦੂਜੇ ਪਾਸੇ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਜਿੰਨੀ ਦੇਰ ਤੱਕ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਭਰੋਸਾ ਨਹੀਂ ਦਿੱਤਾ ਜਾਂਦਾ, ਧਰਨਾ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ। ਧਰਨੇ ’ਤੇ ਬੈਠੇ ਵਿਦਿਆਰਥੀਆਂ ਨੇ ਇਹ ਵੀ ਰੋਸ ਪ੍ਰਗਟਾਇਆ ਕਿ ਡਾ. ਸ਼ਿਵਮ ਵੱਲੋਂ ਦੋ ਦਿਨ ਮਰਨ ਵਰਤ ਰੱਖੇ ਨੂੰ ਹੋ ਗਏ ਪਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਕੋਈ ਵੀ ਉਸ ਦੀ ਡਾਕਟਰੀ ਜਾਂਚ ਕਰਨ ਲਈ ਪਹੁੰਚਿਆ।