ਨਿੱਜੀ ਪੱਤਰ ਪ੍ਰੇਰਕ
ਖੰਨਾ, 20 ਜੁਲਾਈ
ਝਾਰਖੰਡ ਤੋਂ ਅਫੀਮ ਲਿਆ ਕੇ ਪੰਜਾਬ ਵਿੱਚ ਵੇਚਣ ਵਾਲਾ ਤਸਕਰ ਖੰਨਾ ਪੁਲੀਸ ਨੇ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮ ਤੋਂ ਕਿਲੋ ਅਫੀਮ ਬਰਾਮਦ ਕਰ ਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਵਿਲੀਅਮ ਜੇਜੀ ਨੇ ਕਿਹਾ ਕਿ ਥਾਣਾ ਸਿਟੀ ਮੁਖੀ ਕੁਲਜਿੰਦਰ ਸਿੰਘ ਤੇ ਜਗਜੀਤ ਸਿੰਘ ਦੀ ਅਗਵਾਈ ਹੇਠਾਂ ਪੁਲੀਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਰਤਨਹੇੜੀ ਰੇਲਵੇ ਫਾਟਕ ਨੇੜੇ ਪੈਦਲ ਆਉਂਦਾ ਵਿਅਕਤੀ ਪੁਲੀਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਤਾਂ ਪੁਲੀਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ। ਉਸ ਕੋਲੋਂ ਇਕ ਕਿਲੋ ਅਫੀਮ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਸਰਬਜੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ। ਥਾਣਾ ਮੁਖੀ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਦੋ ਰੋਜ਼ਾ ਰਿਮਾਂਡ ਹਾਸਲ ਕੀਤਾ ਹੈ। ਮੁਲਜ਼ਮ ਨੇ ਪੜਤਾਲ ਦੌਰਾਨ ਦੱਸਿਆ ਕਿ ਉਹ ਝਾਰਖੰਡ ਤੋਂ ਸਸਤੇ ਭਾਅ ’ਤੇ ਅਫੀਮ ਲਿਆ ਕੇ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਸਪਲਾਈ ਕਰਦਾ ਸੀ। ਇਹ ਅਫੀਮ ਉਸ ਨੇ ਅੱਜ ਖੰਨਾ ਇਲਾਕੇ ਵਿਚ ਸਪਲਾਈ ਕਰਨੀ ਸੀ। ਪੁਲੀਸ ਮੁਲਜ਼ਮ ਤੋਂ ਹੋਰ ਪੜਤਾਲ ਕਰ ਰਹੀ ਹੈ ਤਾਂ ਕਿ ਉਸ ਨਾਲ ਜੁੜੇ ਮੁਲਜ਼ਮਾਂ ਬਾਰੇ ਪਤਾ ਲੱਗ ਸਕੇ।
ਨਸ਼ੀਲੇ ਪਾਊਡਰ ਸਣੇ ਇੱਕ ਗ੍ਰਿਫ਼ਤਾਰ
ਲੁਧਿਆਣਾ: ਥਾਣਾ ਬਸਤੀ ਜੋਧੇਵਾਲ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਬਹਾਦਰਕੇ ਰੋਡ ਸਬਜ਼ੀ ਮੰਡੀ ਦੇ ਗੇਟ ਨੰਬਰ ਦੋ ਕੋਲ ਮੌਜੂਦ ਸੀ ਤਾਂ ਨਾਕੇ ਦੌਰਾਨ ਕੁਲਦੀਪ ਸਿੰਘ ਵਾਸੀ ਪਿੰਡ ਤਲਵੰਡੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 35 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਥਾਣੇਦਾਰ ਸੁਖਵਿੰਦਰਜੀਤ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਉਸ ਤੋਂ ਹੋਰ ਪੜਤਾਲ ਕਰ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ
ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
ਲੁਧਿਆਣਾ: ਥਾਣਾ ਹੈਬੋਵਾਲ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਹੌਲਦਾਰ ਰਮਨਦੀਪ ਸਿੰਘ ਨੇ ਦੱਸਿਆ ਕਿ ਦੀਪ ਨਗਰ ਸਿਵਲ ਲਾਈਨ ਵਾਸੀ ਵਿਸ਼ਾਲ ਬਾਲੀ ਛਾਬੜਾ ਵਾਈਨ ਫਰਮ ਕੋਲ ਡਰਾਈਵਰ ਵਜੋਂ ਕੰਮ ਕਰਦਾ ਹੈ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਉਹ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਲੈ ਕੇ ਅੱਗੋਂ ਗਾਹਕਾਂ ਨੂੰ ਸਪਲਾਈ ਕਰਦਾ ਹੈ। ਪੁਲੀਸ ਨੇ ਗੁਰਦੁਆਰਾ ਭੂਰੀਵਾਲਾ ਸਾਹਿਬ ਚੌਕ ਨੇੜੇ ਨਾਕਾਬੰਦੀ ਦੌਰਾਨ ਵਿਸ਼ਾਲ ਬਾਲੀ ਨੂੰ ਰੋਕ ਕੇ ਗੱਡੀ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 24 ਬੋਤਲਾਂ ਸ਼ਰਾਬ ਬਰਾਮਦ ਹੋਈ। ਪੁਲੀਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰ ਕੇ ਗੱਡੀ ਜ਼ਬਤ ਕਰ ਲਈ ਹੈ। -ਨਿੱਜੀ ਪੱਤਰ ਪ੍ਰੇਰਕ