ਡੀਟੀਐੱਫ ਵੱਲੋਂ ਪੁਰਾਣੀ ਪੈਨਸ਼ਨਲ ਬਹਾਲੀ ਲਈ ਅਰਥੀ ਫੂਕ ਮੁਜ਼ਾਹਰਾ 12 ਨੂੰ
ਇਥੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਮੈਬਰਾਂ ਦੀ ਇੱਕਤਰਤਾ ਅੱਜ ਦਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਥੇਬੰਦੀ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਲੁਧਿਆਣਾ ਜ਼ਿਲ੍ਹੇ ਵਿਚ 12 ਅਗਸਤ ਨੂੰ ਆਮ ਆਦਮੀ ਪਾਰਟੀ ਦੇ ਮੰਤਰੀਆਂ ਦੇ ਘਰਾਂ ਅੱਗੇ ਕਾਰਪੋਰੇਟ ਘਰਾਣਿਆਂ ਦੇ ਹੱਥ ਦਿੱਤੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਰੋਸ ਵਜੋਂ ਧਰਨਾ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ।
ਇਸ ਉਪਰੰਤ ਨਵੰਬਰ 2022 ਵਿਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਅੱਖੀਂ ਘੱਟਾ ਪਾਉਣ ਲਈ ਜਾਰੀ ਕੀਤਾ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਅਧੂਰਾ ਨੋਟੀਫਿਕੇਸ਼ਨ ਕੈਬਨਿਟ ਮੰਤਰੀ ਸੰਜੀਵ ਅਰੋੜਾ ਰਾਹੀਂ ਪੰਜਾਬ ਸਰਕਾਰ ਨੂੰ ਵਾਪਸ ਕੀਤਾ ਜਾਵੇਗਾ। ਇਸ ਮੌਕੇ ਦਵਿੰਦਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਵਿਚ ਇਸ ਮਸਲੇ ’ਤੇ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਜੇਕਰ ਸਰਕਾਰ ਵੱਲੋਂ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਗਈ ਤਾਂ ਇਸ ਖਮਿਆਜ਼ਾ ਅਗਾਮੀਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਗੁਰਪ੍ਰੀਤ ਸਿੰਘ ਅਤੇ ਦਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਜੱਥੇਬੰਦੀ ਵੱਲੋਂ ਬਲਾਕ ਪੱਧਰੀ ਮੀਟਿੰਗਾਂ ਕਰਕੇ ਸਰਕਾਰੀ ਦਫ਼ਤਰਾਂ ਅਤੇ ਮੁਲਾਜ਼ਮਾਂ ਤੱਕ ਪਹੁੰਚ ਕੀਤੀ ਜਾਵੇਗੀ। ਇਸ ਮੌਕੇ ਗੁਰਦੀਪ ਸਿੰਘ, ਹੁਸ਼ਿਆਰ ਸਿੰਘ, ਗੁਰਬਚਨ ਸਿੰਘ, ਬਲਜੀਤ ਬੁੱਗਾ, ਰਜਿੰਦਰ ਚੌਹਾਨ, ਇੰਦਰਦੀਪ ਸਿੰਘ, ਨਾਜ਼ਰ ਸਿੰਘ ਹਾਜ਼ਰ ਸਨ।