ਡੀਟੀਐੱਫ ਵੱਲੋਂ ਹੜ੍ਹ ਪੀੜਤਾਂ ਦੇ ਹੱਕਾਂ ਵਿੱਚ ਅੱਜ ਦਿੱਤੇ ਜਾਣਗੇ ਮੰਗ ਪੱਤਰ
ਪੰਜਾਬ ਵਿੱਚ ਹੜ੍ਹਾਂ ਕਾਰਨ ਹੋ ਰਹੇ ਵਿਆਪਕ ਨੁਕਸਾਨ ਨੂੰ ਵੇਖਦੇ ਹੋਏ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੀ ਸੂਬਾਈ ਪ੍ਰੋਗਰਾਮ ਅਨੁਸਾਰ ਹੜ੍ਹ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ 2 ਸਤੰਬਰ ਨੂੰ ਸਮੂਹ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ। ਇਸੇ ਤਰ੍ਹਾਂ ਹੜ ਪ੍ਰਭਾਵਿਤ ਲੋਕਾਂ ਤੱਕ ਮੱਦਦ ਲਈ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਵੀ ਹਰ ਸੰਭਵ ਸਹਾਇਤਾ ਭੇਜੀ ਜਾਵੇਗੀ।
ਫੈਡਰੇਸ਼ਨ ਅਤੇ ਡੀ ਟੀ ਐਫ ਦੇ ਜਿਲਾ ਆਗੂਆਂ ਸੁਖਵਿੰਦਰ ਸਿੰਘ ਲੀਲ, ਰਮਨਜੀਤ ਸਿੰਘ ਸੰਧੂ, ਰੁਪਿੰਦਰ ਪਾਲ ਸਿੰਘ ਗਿੱਲ, ਰਜਿੰਦਰ ਜੰਡਿਆਲੀ, ਜੰਗਪਾਲ ਸਿੰਘ ਰਾਏਕੋਟ ਨੇ ਆਖਿਆ ਕਿ ਜਿੱਥੇ ਪੰਜਾਬ ਸਰਕਾਰ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਰੋਕਣ ਅਤੇ ਪੀੜਤ ਲੋਕਾਂ ਨੂੰ ਰਾਹਤ ਦੇਣ ਵਿੱਚ ਅਸਫ਼ਲ ਰਹੀ ਹੈ ਉੱਥੇ ਹੀ ਕੇਂਦਰ ਸਰਕਾਰ ਵੱਲੋਂ ਵੀ ਇਸ ਸਥਿਤੀ ਨਾਲ ਨਿਪਟਣ ਲਈ ਪੰਜਾਬ ਨੂੰ ਕਿਸੇ ਪ੍ਰਕਾਰ ਦਾ ਵਿੱਤੀ ਪੈਕੇਜ ਨਹੀਂ ਦਿੱਤਾ ਗਿਆ। ਉਨ੍ਹਾਂ ਆਖਿਆ ਕਿ ਹੜ੍ਹਾਂ ਕਾਰਨ ਵਾਪਰੀ ਤਬਾਹੀ ਨੂੰ ਸਿਰਫ਼ ਕੁਦਰਤੀ ਆਫ਼ਤ ਨਹੀਂ ਕਿਹਾ ਜਾ ਸਕਦਾ ਕਿਉਂਕਿ ਇੱਕ ਪਾਸੇ ਪੰਜਾਬ ਧਰਤੀ ਹੇਠਲੇ ਪਾਣੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਉੱਥੇ ਬਾਰਿਸ਼ਾਂ ਦੇ ਦਿਨਾਂ ਵਿੱਚ ਵਾਧੂ ਪਾਣੀ ਦੀ ਸੰਭਾਲ ਲਈ ਸਰਕਾਰਾਂ ਲੋੜੀਂਦਾ ਢਾਂਚਾ ਨਹੀਂ ਉਸਾਰ ਸਕੀਆਂ ਅਤੇ ਅਣਕਿਆਸੇ ਹੜ੍ਹਾਂ ਨੂੰ ਰੋਕਣ ਲਈ ਲੋੜੀਂਦੇ ਪ੍ਰਬੰਧ ਕਰਨ ਵੱਲ ਵੀ ਦੋਵਾਂ ਸਰਕਾਰਾਂ ਦਾ ਕੋਈ ਧਿਆਨ ਨਹੀਂ ਹੈ।
ਆਗੂਆਂ ਨੇ ਆਖਿਆ ਕਿ ਹੜ੍ਹ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ 2 ਸਤੰਬਰ ਨੂੰ ਸਮੂਹ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ। ਆਗੂਆਂ ਅਮਨਦੀਪ ਵਰਮਾ, ਮਨਪ੍ਰੀਤ ਸਮਰਾਲਾ, ਪ੍ਰਵੀਨ ਕੁਮਾਰੀ, ਬਰਜਿੰਦਰ ਸਿੰਘ, ਜਸਵਿੰਦਰ ਸਿੰਘ ਐਤੀਆਣਾ, ਹਰਜੀਤ ਕੌਰ, ਅਵਤਾਰ ਸਿੰਘ ਖਾਲਸਾ, ਜਤਿੰਦਰ ਕੁਮਾਰ, ਅਰਵਿੰਦਰ ਸਿੰਘ ਨੇ ਪੰਜਾਬ ਦੇ ਮੁਲਾਜ਼ਮਾਂ ਅਤੇ ਹੋਰ ਲੋਕਾਂ ਨੂੰ ਹੜ੍ਹ ਪੀੜਤ ਲੋਕਾਂ ਦੀ ਮੱਦਦ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।