ਪੱਤਰ ਪ੍ਰੇਰਕ
ਪਾਇਲ, 24 ਜੁਲਾਈ
ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਵੇਖਣ ਨੂੰ ਮਿਲ ਰਿਹਾ ਹੈ ਕਿ ਈਡੀ ਸ਼ਰ੍ਹੇਆਮ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰਿਆਂ ’ਤੇ ਚੱਲਦੀ ਹੋਈ ਕਾਂਗਰਸ ਦੇ ਉੱਚ ਪੱਧਰੀ ਆਗੂਆਂ ਨੂੰ ਜ਼ਲੀਲ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਲਗਾਤਾਰ ਕਈ ਵਾਰ ਰਾਹੁਲ ਗਾਂਧੀ ਨੂੰ ਬੁਲਾਇਆ ਜਾਂਦਾ ਰਿਹਾ ਹੈ, ਪਰ ਹੁਣ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਬੁਲਾਇਆ ਗਿਆ ਹੈ। ਇਸ ਨਾਲ ਪੂਰੇ ਦੇਸ਼ ਵਿਚ ਜਿੱਥੇ ਕਾਂਗਰਸੀ ਆਗੂ ਅਤੇ ਵਰਕਰ ਨਾਖ਼ੁਸ਼ ਹਨ, ਉੱਥੇ ਦੂਜੀਆਂ ਪਾਰਟੀਆਂ ਦੇ ਆਗੂ ਅਤੇ ਦੇਸ਼ ਦੀ ਆਮ ਜਨਤਾ ਨੂੰ ਵੀ ਕੇਂਦਰ ਸਰਕਾਰ ਦੀ ਬਦਲਾਖੋਰੀ ਰਾਜਨੀਤੀ ਦੀ ਸਮਝ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸੇ ਕਰ ਕੇ ਸਾਰੇ ਸੂਬਿਆਂ ਵਿੱਚ ਕੇਂਦਰ ਦੇ ਵਿਰੋਧ ਵਿਚ ਧਰਨੇ ਲਗਾਏ ਜਾ ਰਹੇ ਹਨ। ਪੰਜਾਬ ਵਿੱਚ ਮੁੱਖ ਰੂਪ ਵਿੱਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਪਾਰਟੀ ਕਾਰਕੁਨਾਂ ਦੀ ਅਗਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਇ ਵਿਰੋਧੀ ਪਾਰਟੀਆਂ ਦੀ ਆਵਾਜ਼ ਨੂੰ ਦਬਾਉਣ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਵਿਹਾਰ ਦਾ ਖ਼ਮਿਆਜ਼ਾ 2024 ਦੀਆਂ ਲੋਕ ਸਭਾ ਚੋਣਾਂ ਸਮੇਂ ਭੁਗਤਣਾ ਪਵੇਗਾ।