ਈਡੀ ਨੇ ਦਾਣਾ ਮੰਡੀ ਟੈਂਡਰ ਘੁਟਾਲੇ ਦੀ ਜਾਂਚ ਆਰੰਭੀ : The Tribune India

ਈਡੀ ਨੇ ਦਾਣਾ ਮੰਡੀ ਟੈਂਡਰ ਘੁਟਾਲੇ ਦੀ ਜਾਂਚ ਆਰੰਭੀ

ਆਸ਼ੂ ਸਣੇ ਸਾਰੇ ਮੁਲਜ਼ਮਾਂ ਦੀਆਂ ਜਾਇਦਾਦਾਂ ਸਬੰਧੀ ਜਾਂਚ ਸ਼ੁਰੂ; ਵਿਜੀਲੈਂਸ ਨੇ ਸਾਰੇ ਦਸਤਾਵੇਜ਼ ਈਡੀ ਨੂੰ ਸੌਂਪੇ

ਈਡੀ ਨੇ ਦਾਣਾ ਮੰਡੀ ਟੈਂਡਰ ਘੁਟਾਲੇ ਦੀ ਜਾਂਚ ਆਰੰਭੀ

ਗਗਨਦੀਪ ਅਰੋੜਾ

ਲੁਧਿਆਣਾ, 30 ਨਵੰਬਰ

ਦਾਣਾ ਮੰਡੀ ਟਰਾਂਸਪੋਟੇਸ਼ਨ ਟੈਂਡਰ ਘੁਟਾਲਾ ਮਾਮਲੇ ਵਿੱਚ ਹੁਣ ਈਡੀ ਨੇ ਵੀ ਆਪਣੇ ਪੱਧਰ ’ਤੇ ਜਾਂਚ ਆਰੰਭ ਦਿੱਤੀ ਹੈ। ਈਡੀ ਵੱਲੋਂ ਇਸ ਕੇਸ ਨਾਲ ਜੁੜੇ ਸਾਰੇ ਦਸਤਾਵੇਜ਼ ਮੰਗੇ ਗਏ ਸਨ, ਜੋ ਹੁਣ ਵਿਜੀਲੈਂਸ ਵੱਲੋਂ ਈਡੀ ਹਵਾਲੇ ਕਰ ਦਿੱਤੇ ਗਏ ਹਨ। ਸੂਤਰਾਂ ਅਨੁਸਾਰ ਇਨ੍ਹਾਂ ਦਸਤਾਵੇਜ਼ਾਂ ਦੇ ਆਧਾਰ ’ਤੇ ਵਿਜੀਲੈਂਸ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਦੇ ਆਧਾਰ ’ਤੇ ਈਡੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਵੱਲੋਂ ਵਿਜੀਲੈਂਸ ਤੋਂ ਆਸ਼ੂ ਸਬੰਧੀ ਦਰਜ ਕੀਤੀ ਗਈ ਐਫ਼ਆਈਆਰ ਤੋਂ ਲੈ ਕੇ ਹੁਣ ਤੱਕ ਦੀ ਹੋਈ ਜਾਂਚ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਸਣੇ ਗ੍ਰਿਫ਼ਤ ’ਚੋਂ ਬਾਹਰ ਮੁਲਜ਼ਮਾਂ ਸਬੰਧੀ ਜਾਣਕਾਰੀ ਲੈ ਲਈ ਹੈ। ਇਸ ਮਾਮਲੇ ਵਿੱਚ ਈਡੀ ਵੱਲੋਂ ਨਵੀਂ ਐੱਫਆਈਆਰ ਵੀ ਦਰਜ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਮਾਮਲੇ ਵਿੱਚ ਹੁਣ ਬੈਂਕਾਂ ਦੀ ਟ੍ਰਾਂਜ਼ੈਕਸ਼ਨ ਤੇ ਪ੍ਰਾਪਰਟੀ ਆਦਿ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਸੂਤਰ ਦੱਸਦੇ ਹਨ ਕਿ ਈਡੀ ਅਧਿਕਾਰੀਆਂ ਵੱਲੋਂ ਪਹਿਲਾਂ ਸਾਬਕਾ ਮੰਤਰੀ ਆਸ਼ੂ ਸਣੇ ਠੇਕੇਦਾਰ ਤੇਲੂ ਰਾਮ, ਕ੍ਰਿਸ਼ਨ ਲਾਲ ਧੋਤੀਵਾਲਾ, ਅਨਿਲ ਜੈਨ ਤੇ ਹੋਰਨਾਂ ਮੁਲਜ਼ਮਾਂ ਦੀਆਂ ਜਾਇਦਾਦਾਂ ਦਾ ਹਿਸਾਬ ਲਾਇਆ ਜਾ ਰਿਹਾ ਹੈ।

ਇਸ ਕੇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਆਰਕੇ ਸਿੰਗਲਾ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਚੱਲ ਰਹੀ ਹੈ। ਇਸ ਸਬੰਧੀ ਇਸ਼ਤਿਹਾਰ ਲਾਏ ਜਾ ਚੁੱਕੇ ਹਨ ਤੇ ਜੇਕਰ 3 ਦਸੰਬਰ ਤੱਕ ਆਰਕੇ ਸਿੰਗਲਾ ਅਦਾਲਤ ਸਾਹਮਣੇ ਪੇਸ਼ ਨਹੀਂ ਹੁੰਦਾ ਤਾਂ ਉਸ ਨੂੰ ਭਗੌੜਾ ਐਲਾਨ ਦਿੱਤਾ ਜਾਵੇਗਾ। ਇਸੇ ਤਰ੍ਹਾਂ ਮੀਨੂੰ ਪੰਕਜ ਮਲਹੋਤਰਾ ਤੇ ਇੰਦਰਜੀਤ ਇੰਦੀ ਦੀ ਵੀ 24 ਦਸੰਬਰ ਤੱਕ ਪੇਸ਼ੀ ਹੈ, ਜਿਸ ਵਿੱਚ ਪੇਸ਼ ਨਾ ਹੋਣ ਦੀ ਸੂਰਤ ਵਿੱਚ ਦੋਵਾਂ ਨੂੰ ਭਗੌੜਾ ਐਲਾਨ ਦਿੱਤਾ ਜਾਵੇਗਾ। ਐੱਸਐੱਸਪੀ ਨੇ ਕਿਹਾ ਕਿ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ। 

ਵਿਜੀਲੈਂਸ ਵੱਲੋਂ ਅਦਾਲਤ ’ਚ ਸਪਲੀਮੈਂਟਰੀ ਚਲਾਨ ਪੇਸ਼

ਟੈਂਡਰ ਘੁਟਾਲੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਅਦਾਲਤ ’ਚ ਇੱਕ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ਸੰਸਦ ਦੀ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵਨੀਤ ਕੌਰ ਦੀ ਮਨਜ਼ੂਰੀ ਮਗਰੋਂ ਅਦਾਲਤ ’ਚ ਮੁਕੱਦਮਾ ਚਲਾਉਣ ਲਈ ਇਹ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆਂ ਐੱਸਐੱਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਵਿਜੀਲੈਂਸ ਦੀ ਟੀਮ ਨੇ 14 ਨਵੰਬਰ ਨੂੰ ਇੱਕ ਚਲਾਨ ਪੇਸ਼ ਕੀਤਾ ਸੀ, ਜਿਸ ਮਗਰੋਂ ਸਰਕਾਰ ਨੇ ਦੋ ਦਿਨ ਪਹਿਲਾਂ ਸਾਬਕਾ ਮੰਤਰੀ ’ਤੇ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਤੇਲੂ ਰਾਮ ਵੱਲੋਂ ਜ਼ਮਾਨਤ ਲਈ ਅਰਜ਼ੀ ਦਾਇਰ

ਇਸ ਮਾਮਲੇ ’ਚ ਸਭ ਤੋਂ ਪਹਿਲਾਂ ਗ੍ਰਿਫ਼ਤਾਰ ਹੋਏ ਠੇਕੇਦਾਰ ਤੇਲੂ ਰਾਮ ਨੇ ਅੱਜ ਜ਼ਿਲ੍ਹਾ ਸੈਸ਼ਨ ਕੋਰਟ ’ਚ ਆਪਣੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਜਲਦੀ ਹੋਣ ਦੇ ਆਸਾਰ ਹਨ। ਐੱਸਐੱਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਮਾਨਤ ਪਟੀਸ਼ਨ ਲਾਈ ਗਈ ਹੈ, ਇਸ ਬਾਰੇ ’ਚ ਪਤਾ ਲੱਗਿਆ ਹੈ। ਇਸ ਤੋਂ ਪਹਿਲਾਂ ਮੀਨੂੰ ਪੰਕਜ ਮਲਹੋਤਰਾ ਤੇ ਇੰਦਰਜੀਤ ਇੰਦੀ ਦੀ ਜ਼ਮਾਨਤ ਅਰਜ਼ੀ ਵੀ ਰੱਦ ਹੋ ਚੁੱਕੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All