ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਵਿਸ਼ੇਸ਼ ਇਕੱਤਰਤਾ ਅੱਜ ਨੇੜਲੇ ਪਿੰਡ ਤਲਵੰਡੀ ਕਲਾਂ ਵਿੱਚ ਗੁਰਦਿਆਲ ਸਿੰਘ ਤਲਵੰਡੀ ਦੀ ਅਗਵਾਈ ਹੇਠ ਕੀਤੀ ਗਈ। ਇਸ ਵਿੱਚ ਵੱਖ-ਵੱਖ ਆਗੂਆਂ ਜਸਦੇਵ ਸਿੰਘ ਲਲਤੋਂ, ਅਮਰੀਕ ਸਿੰਘ ਤਲਵੰਡੀ, ਜਸਵੰਤ ਸਿੰਘ ਮਾਨ, ਗੁਰਮੇਲ ਸਿੰਘ ਢੱਟ, ਰਣਜੀਤ ਸਿੰਘ ਗੁੜੇ ਤੇ ਨਿਰਭੈ ਸਿੰਘ ਤਲਵੰਡੀ ਨੇ ਕਈ ਮੁੱਦਿਆਂ ’ਤੇ ਵਿਚਾਰ ਪੇਸ਼ ਕੀਤੇ।
ਮੋਹਣਜੀਤ ਸਿੰਘ ਸ਼ੇਰੋਂ ਇਨਸਾਫ਼ ਸੰਘਰਸ਼ ਕਮੇਟੀ ਦੇ ਫ਼ੈਸਲੇ ਮੁਤਾਬਕ ਮੰਗ ਕੀਤੀ ਗਈ ਕਿ ਡੀ ਐੱਸ ਪੀ ਸਮੇਤ ਚਾਰ ਪੁਲੀਸ ਅਧਿਕਾਰੀਆਂ ਨੂੰ ਫੌਰੀ ਬਰਖ਼ਾਸਤ ਕਰ ਕੇ ਪਰਚਾ ਦਰਜ ਕੀਤਾ ਜਾਵੇ। ਇਸ ਮੁੱਦੇ ’ਤੇ ਸੰਘਰਸ਼ ਕਮੇਟੀ ਦਾ ਡੱਟਵਾਂ ਸਾਥ ਦੇਣ ਦਾ ਐਲਾਨ ਕੀਤਾ ਗਿਆ। ਇਸੇ ਤਰ੍ਹਾਂ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਪੁਤਲੇ ਫੂਕੇ ਗਏ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਇਸ ਘਟਨਾ ਨੂੰ ਵਹਿਸ਼ੀ ਜਬਰ ਕਰਾਰ ਦਿੰਦਿਆਂ ਹਰਪਾਲ ਸਿੰਘ ਚੀਮਾ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ’ਤੇ ਜ਼ੋਰ ਦਿੱਤਾ। ਇਸ ਮੌਕੇ 12 ਸਤੰਬਰ ਨੂੰ ਨਾਮਧਾਰੀ ਕੂਕਾ ਲਹਿਰ, ਗ਼ਦਰ ਪਾਰਟੀ ਲਹਿਰ ਤੇ ਨਕਸਲਬਾੜੀ ਲਹਿਰ ਦੇ ਸ਼ਹੀਦਾਂ ਦੀ ਯਾਦ ਵਿੱਚ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮਾਂ ਵਿੱਚ ਸ਼ਮੂਲੀਅਤ ਦਾ ਐਲਾਨ ਕੀਤਾ। ਇਸ ਮੌਕੇ ਕੁਲਦੀਪ ਸਿੰਘ ਸਵੱਦੀ, ਮੋਹਨ ਸਿੰਘ ਕੁਲਾਰ, ਲਛਮਣ ਸਿੰਘ ਸਿੱਧਵਾਂ, ਅਮਰਜੀਤ ਸਿੰਘ ਖੰਜਰਵਾਲ, ਹਰਦੇਵ ਸਿੰਘ ਤਲਵੰਡੀ, ਸੋਹਣ ਸਿੰਘ ਸਵੱਦੀ ਆਦਿ ਹਾਜ਼ਰ ਸਨ।

