ਜਮਹੂਰੀ ਹੱਕ ਖੋਹਣ ਤੇ ਕਿਸਾਨਾਂ ਨਾਲ ਮਾੜੇ ਵਤੀਰੇ ਖ਼ਿਲਾਫ਼ ਪੁਤਲਾ ਫੂਕਿਆ
ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 6 ਮਾਰਚ
ਲੁਧਿਆਣਾ-ਫਿਰੋਜ਼ਪੁਰ ਕੌਮੀ ਸ਼ਾਹਰਾਹ ਸਥਿਤ ਚੌਕੀਮਾਨ ਟੌਲ ਪਲਾਜ਼ੇ ’ਤੇ ਅੱਜ ਕਿਸਾਨਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ। ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਹੋਏ ਮੁਜ਼ਾਹਰੇ ਵਿੱਚ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਦੀ ਜਮਹੂਰੀ ਹੱਕ ਖੋਹਣ ਦੀ ਕੀਤੀ ਕੋਸ਼ਿਸ਼, ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇ ਤੇ ਗ੍ਰਿਫ਼ਤਾਰੀਆਂ ਦੀ ਨਿਖੇਧੀ ਕੀਤੀ ਗਈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਅਪਣਾਏ ਵਤੀਰੇ ਦੀ ਵੀ ਨਿੰਦਾ ਕਰਦਿਆਂ ਇਸ ਸਮੁੱਚੇ ਘਟਨਾਕ੍ਰਮ ਲਈ ਮੁੱਖ ਮੰਤਰੀ ਤੋਂ ਬਿਨਾਂ ਦੇਰੀ ਮੁਆਫ਼ੀ ਮੰਗਣ ਦੀ ਮੰਗ ਰੱਖੀ ਗਈ। ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਅਗਵਾਈ ਹੇਠ ਹੋਈ ਇਕੱਤਰਤਾ ਨੂੰ ਸਕੱਤਰ ਜਸਦੇਵ ਸਿੰਘ ਲਲਤੋਂ, ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਅਮਰੀਕ ਸਿੰਘ ਤਲਵੰਡੀ, ਰਣਜੀਤ ਸਿੰਘ ਗੁੜੇ, ਡਾ. ਗੁਰਮੇਲ ਸਿੰਘ ਕੁਲਾਰ, ਜਰਨੈਲ ਸਿੰਘ ਮੁੱਲਾਂਪੁਰ, ਗੁਰਮੀਤ ਸਿੰਘ ਮੋਹੀ, ਬਲਦੇਵ ਸਿੰਘ ਦੇਵ ਸਰਾਭਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜ ਮਾਰਚ ਨੂੰ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਧਰਨੇ ਨੂੰ ਅਸਫ਼ਲ ਬਣਾਉਣ ਲਈ ਪੰਜਾਬ ਦੀ ਜਾਬਰ ਤੇ ਕਿਸਾਨ ਦੋਖੀ ਭਗਵੰਤ ਮਾਨ ਸਰਕਾਰ ਵੱਲੋਂ ਪਹਿਲਾਂ ਚਾਰ ਮਾਰਚ ਤੇ ਫਿਰ ਪੰਜ ਮਾਰਚ ਨੂੰ ਵੱਡੇ ਤੜਕੇ ਤੋਂ ਲਗਾਤਾਰ ਪੰਜਾਬ ਭਰ ਵਿੱਚ ਅਨੇਕਾਂ ਕਿਸਾਨ ਆਗੂਆਂ ਤੇ ਵਰਕਰਾਂ ਦੇ ਘਰੋਂ-ਘਰੀਂ ਪੁਲੀਸ ਧਾੜਾਂ ਭੇਜ ਕੇ ਛਾਪਾ ਮਰਵਾਉਣਾ, ਘਰਾਂ, ਹਵਾਲਾਤਾਂ, ਜੇਲ੍ਹਾਂ ਵਿੱਚ ਜਬਰੀ ਨਜ਼ਰਬੰਦ ਕਰਨਾ ਅਤੇ ਚੱਪੇ-ਚੱਪੇ ’ਤੇ ਨਾਕਾਬੰਦੀ ਕਰਕੇ ਕਰਫਿਊ ਵਰਗੇ ਹਾਲਾਤ ਪੈਦਾ ਕਰਨਾ ਗੈਰਸੰਵਿਧਾਨਕ, ਗੈਰਕਾਨੂੰਨੀ ਤੇ ਜਮਹੂਰੀ ਹੱਕਾਂ ਵਿਰੋਧੀ ਵਰਤਾਰਾ ਹੈ। ਆਗੂਆਂ ਨੇ ਆਖਿਆ ਕਿ ਦਿੱਲੀ ਮੋਰਚਾ-2 ਦੀਆਂ ਜੁਝਾਰੂ ਜਥੇਬੰਦੀਆਂ ਕਿਸੇ ਵੀ ਮੋਰਚੇ ’ਤੇ ਕੀਤੇ ਜਾਣ ਵਾਲੇ ਜਬਰ-ਤਸ਼ੱਸਦ ਨੂੰ ਕਦਾਚਿਤ ਬਰਦਾਸ਼ਤ ਨਹੀਂ ਕਰਨਗੀਆਂ, ਬਲਕਿ ਹਰ ਪੀੜਤ ਤੇ ਮਜਲੂਮ ਧਿਰ ਦਾ ਡੱਟ ਕੇ ਸਾਥ ਦੇਣਗੀਆਂ। ਭਲਕੇ ਲੁਧਿਆਣਾ ਵਿੱਚ ਹੋਣ ਵਾਲੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਜੋ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ ਉਸਦੀ ਵੀ ਪਹਿਲਾਂ ਵਾਂਗ ਡੱਟਵੀਂ ਹਮਾਇਤ ਕਰਦਿਆਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਕੇਂਦਰ ਸਰਕਾਰ ਕਿਸਾਨਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੰਦੀ ਅਤੇ ਪੰਜਾਬ ਦੀ ਸਰਕਾਰ ਸੂਬੇ ਦੀ ਰਾਜਧਾਨੀ ਵਿੱਚ, ਫੇਰ ਕਿਉਂਕਿ ਅਸੀਂ ਵੀ ਇਨ੍ਹਾਂ ਆਗੂਆਂ ਨੂੰ ਪਿੰਡਾਂ ਵਿੱਚ ਦਾਖ਼ਲ ਹੋਣ ’ਤੇ ਪਾਬੰਦੀ ਲਾਈਏ। ਇਸ ਮੌਕੇ ਮੁੱਖ ਮੰਤਰੀ ਆਦਮ ਕੱਦ ਪੁਤਲਾ ਫੂਕਿਆ ਗਿਆ ਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇ ਗੂੰਜੇ। ਇਸ ਮੌਕੇ ਜਸਵੰਤ ਸਿੰਘ ਮਾਨ, ਗੁਰਸੇਵਕ ਸਿੰਘ ਸੋਨੀ ਸਵੱਦੀ, ਬਲਦੇਵ ਸਿੰਘ ਸਿੱਧਵਾਂ, ਗੁਰਚਰਨ ਸਿੰਘ ਸਿੱਧਵਾਂ, ਗੁਰਚਰਨ ਸਿੰਘ ਢੱਟ, ਬਲਦੇਵ ਸਿੰਘ ਪੰਡੋਰੀ, ਗੁਰਦੀਪ ਸਿੰਘ ਮੰਡਿਆਣੀ, ਅਮਰਜੀਤ ਸਿੰਘ ਖੰਜਰਵਾਲ, ਗੁਰਬਖ਼ਸ਼ ਸਿੰਘ ਤਲਵੰਡੀ ਆਦਿ ਮੌਜੂਦ ਸਨ।