ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਵੱਲੋਂ ਪੁਤਲਾ ਫੂਕ ਮੁਜ਼ਾਹਰਾ
ਖਾਲੀ ਅਸਾਮੀਆਂ ਭਰਨ ਤੇ ਸਕੂਲਾਂ ’ਚ ਖੇਤੀ ਮਾਸਟਰ ਰੱਖਣ ਦੀ ਮੰਗ
ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਵੱਲੋਂ ਦਿੱਤੇ ਜਾ ਰਹੇ ਧਰਨੇ ਦੇ ਅੱਜ 9ਵੇਂ ਦਿਨ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਦਾ ਪੁਤਲਾ ਸਾੜ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਗਿਆ। ਵਿਦਿਆਰਥੀਆਂ ਵੱਲੋਂ ਖੇਤੀਬਾੜੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ, ਸਕੂਲਾਂ ਵਿੱਚ ਮਾਸਟਰ ਖੇਤੀ ਮਾਸਟਰ ਰੱਖਣ ਦੀ ਮੰਗ ਕੀਤੀ ਜਾ ਰਹੀ ਹੈ।
ਅੱਜ ਪਹਿਲਾਂ ਵਿਦਿਆਰਥੀ ਆਗੂਆਂ ਦੀ ਖੇਤੀਬਾੜੀ ਦੇ ਜੁਆਇੰਟ ਡਾਇਰੈਕਟਰ ਡਾ. ਨਰਿੰਦਰ ਸਿੰਘ ਬੈਨੀਪਾਲ ਨਾਲ ਮੀਟਿੰਗ ਹੋਈ। ਜਿਨ੍ਹਾਂ ਨੂੰ ਵਿਦਿਆਰਥੀਆਂ ਨੇ ਮੰਗ ਪੱਤਰ ਸੌਂਪਿਆ ਅਤੇ ਡਾ. ਬੈਨੀਪਾਲ ਨੇ ਉਹਨਾਂ ਦੀ ਮੀਟਿੰਗ ਖੇਤੀਬਾੜੀ ਮੰਤਰੀ ਨਾਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਤੋਂ ਵਿਦਿਆਰਥੀ ਆਗੂਆਂ ਨੇ ਦਸਹਿਰੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ ਤੋਂ ਇਲਾਵਾ ਆਪ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਫੋਟੋਆਂ ਵਾਲਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟਾਇਆ। ਉਨ੍ਹਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਜੇਕਰ ਹਾਲੇ ਵੀ ਸਰਕਾਰ ਕੁੰਭਕਰਨੀ ਨੀਂਦ ਵਿੱਚੋਂ ਨਾ ਜਾਗੀ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਇਸ ਦੌਰਾਨ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਤਿੰਨ ਸਾਲਾਂ ਵਿੱਚ 17 ਵਾਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, 4 ਵਾਰ ਕੈਬਨਿਟ ਮੰਤਰੀ ਹਰਪਾਲ ਚੀਮਾ, ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਸਮੇਤ ਹੋਰਨਾਂ ਨੂੰ ਕਈ ਵਾਰ ਮਿਲ ਚੁੱਕੇ ਹਨ। ਉਨ੍ਹਾਂ ਨੂੰ ਅੱਜ ਤੱਕ ਲਾਰਿਆਂ ਤੋਂ ਸਿਵਾਏ ਕੁੱਝ ਨਹੀਂ ਮਿਲਿਆ।