ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਮਈ
ਪੰਥਕ ਜਥੇਬੰਦੀਆਂ ਦੇ ਸਾਂਝੇ ਆਜ਼ਾਦ ਉਮੀਦਵਾਰ ਕਮਲਜੀਤ ਸਿੰਘ ਬਰਾੜ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਪੰਜਾਬ ਵਿਰੋਧੀ ਚਾਲਾਂ ਨੂੰ ਵੇਖਦਿਆਂ ਹੀ ਆਪਣੇ ਵੋਟ ਦੀ ਵਰਤੋਂ ਕਰਨ। ਉਨ੍ਹਾਂ ਅੱਜ ਪਿੰਡ ਫੁੱਲਾਂਵਾਲ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਬੇਸ਼ੱਕ ਇੱਕ ਦੂਜੇ ਦੀਆਂ ਵਿਰੋਧੀ ਪਾਰਟੀਆਂ ਹਨ ਪਰ ਪੰਜਾਬ ਮਸਲੇ ’ਤੇ ਦੋਹੇਂ ਪਾਰਟੀਆਂ ਇੱਕਜੁਟ ਹੋ ਕੇ ਪੰਜਾਬ ਵਿਰੋਧੀ ਸਾਜਿਸ਼ਾਂ ਰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜੂਨ 84 ਵਿੱਚ ਭਾਜਪਾ ਦੇ ਦਬਾਅ ਪਾਉਣ ’ਤੇ ਹੀ ਦਰਬਾਰ ਸਾਹਿਬ ਉਪਰ ਟੈਂਕਾਂ ਅਤੇ ਤੋਪਾਂ ਨਾਲ ਹਮਲਾ ਕਰਕੇ ਸ਼ਰਧਾਲੂਆਂ ਦਾ ਕਤਲੇਆਮ ਕੀਤਾ ਗਿਆ ਸੀ।
ਉਨ੍ਹਾਂ ਆਪ ਸਰਕਾਰ ਤੇ ਵੀ ਹਮਲਾ ਕਰਦਿਆਂ ਕਿਹਾ ਕਿ ਇਹ ਵੀ ਕਾਂਗਰਸ ਪਾਰਟੀ ਨਾਲ ਅੰਦਰ ਖਾਤੇ ਰਲ ਕੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲੜ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।