ਸੰਤੋਖ ਗਿੱਲ
ਗੁਰੂਸਰ ਸੁਧਾਰ, ਮੁੱਲਾਂਪੁਰ, 26 ਸਤੰਬਰ
ਇਨਕਲਾਬੀ ਕੇਂਦਰ ਪੰਜਾਬ ਨੇ ਮਜ਼ਦੂਰਾਂ ਤੋਂ ਵਾਧੂ ਸਮਾਂ ਕੰਮ ਕਰਾਉਣ ਦੇ ਘੰਟੇ ਵਧਾਉਣ ਬਾਰੇ ਸੂਬਾ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਦੀ ਸਖ਼ਤ ਨਿੰਦਾ ਕਰਦਿਆਂ ਇਸ ਮਜ਼ਦੂਰ ਮਾਰੂ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਨੋਟੀਫ਼ਿਕੇਸ਼ਨ ਅਨੁਸਾਰ ਇੱਕ ਦਿਨ ਵਿੱਚ ਵੱਧ ਤੋਂ ਵੱਧ ਵਾਧੂ-ਸਮਾਂ ਕੰਮ ਦੇ ਘੰਟੇ 2 ਤੋਂ ਵਧਾ ਕੇ 4 ਕਰ ਦਿੱਤੇ ਗਏ ਹਨ, ਹਾਲਾਂਕਿ ਹਫ਼ਤੇ ਵਿੱਚ ਕੁੱਲ ਕੰਮ ਦੇ ਘੰਟੇ (ਸਮੇਤ ਵਾਧੂ ਸਮਾਂ) 60 ਘੰਟੇ ਹੀ ਰੱਖੇ ਗਏ ਹਨ। ਤਿੰਨ ਮਹੀਨਿਆਂ ਵਿੱਚ ਪਹਿਲਾਂ ਜਿੱਥੇ ਵਾਧੂ-ਸਮਾਂ ਕੰਮ ਦੇ ਘੰਟੇ 75 ਹੋ ਸਕਦੇ ਸਨ ਹੁਣ ਵਧਾ ਕੇ 115 ਕਰ ਦਿੱਤੇ ਗਏ ਹਨ। ਪਹਿਲਾਂ ਕੈਪਟਨ ਸਰਕਾਰ ਨੇ ਤਾਲਾਬੰਦੀ ਦੌਰਾਨ ਤਿੰਨ ਮਹੀਨਿਆਂ ਦੌਰਾਨ ਵਾਧੂ-ਸਮਾਂ ਕੰਮ ਦੇ ਘੰਟਿਆਂ ਦੀ ਗਿਣਤੀ 50 ਤੋਂ ਵਧਾ ਕੇ 75 ਕਰ ਦਿੱਤੀ ਸੀ।
ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਕਦਮ ਨੂੰ ਮਜ਼ਦੂਰ-ਮੁਲਾਜ਼ਮ ਵਿਰੋਧੀ, ਵੱਡਾ ਧੋਖਾ ਅਤੇ ਸਾਮਰਾਜੀ ਸਰਮਾਏਦਾਰੀ ਪੱਖੀ ਕਰਾਰ ਦਿੱਤਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਬਹੁਤੀਆਂ ਥਾਵਾਂ ਉੱਤੇ ਸਰਮਾਏਦਾਰ ਪਹਿਲਾਂ ਹੀ ਮਜ਼ਦੂਰਾਂ ਤੋਂ ਚਾਰ-ਚਾਰ ਘੰਟੇ ਵਾਧੂ-ਸਮਾਂ ਕੰਮ ਕਰਵਾਉਂਦੇ ਹਨ, ਗੈਰ-ਜਥੇਬੰਦਕ ਖੇਤਰ ਵਿੱਚ 92 ਫੀਸਦੀ ਮਜ਼ਦੂਰਾਂ ਤੋਂ ਗੈਰ-ਕਾਨੂੰਨੀ 12-12 ਘੰਟੇ ਕੰਮ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ “ਆਪ” ਸਰਕਾਰ ਵੀ ਸਨਅਤੀ ਘਰਾਣਿਆਂ ਦੀ ਸੇਵਾ ਵਿੱਚ ਜੁੱਟੀ ਹੋਈ ਹੈ। ਇਸੇ ਦੌਰਾਨ ਲਲਤੋਂ ਕਲਾਂ ਮੰਡਲ ਦੇ ਬਿਜਲੀ ਕਾਮਿਆਂ ਨੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੱਦੇ ‘ਤੇ ਸਰਕਾਰ ਵੱਲੋਂ ਕੰਮ ਦੇ ਘੰਟੇ 8 ਤੋਂ ਵਧਾ ਕੇ 12 ਘੰਟੇ ਕਰਨ ਵਿਰੁੱਧ ਸੂਬਾ ਸਰਕਾਰ ਦੀ ਅਰਥੀ ਫੂਕੀ ਗਈ। ਪ੍ਰਦਰਸ਼ਨਕਾਰੀਆਂ ਵੱਲੋਂ ਸੂਬਾ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਆਗੂਆਂ ਨੇ ਦੋਸ਼ ਲਾਇਆ ਕਿ ਸਾਮਰਾਜੀ ਨੀਤੀਆਂ ਤਹਿਤ ਕਿਰਤ ਕਾਨੂੰਨਾਂ ਨੂੰ ਛਾਂਗ ਕੇ ਇਹ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਮੌਕੇ ਬਿਜਲੀ ਕਾਮਿਆਂ ਨੇ ਚਿਰਾਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰਨ ਦੀ ਵੀ ਮੰਗ ਕੀਤੀ। ਹੋਰਨਾਂ ਤੋਂ ਇਲਾਵਾ ਟੀ.ਐੱਸ.ਯੂ ਦੇ ਚਮਕੌਰ ਸਿੰਘ, ਜਗਤਾਰ ਸਿੰਘ ਅਤੇ ਇੰਪਲਾਈਜ਼ ਫੈਡਰੇਸ਼ਨ ਏਟਕ ਵੱਲੋਂ ਜਸਵਿੰਦਰ ਸਿੰਘ ਕਾਕਾ ਨੇ ਵੀ ਸੰਬੋਧਨ ਕੀਤਾ।
ਮੰਡੀ ਅਹਿਮਦਗੜ੍ਹ (ਮਹੇਸ਼ ਸ਼ਰਮਾ): ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁਲਾਜ਼ਮਾਂ ਦੀਆਂ ਵੱਖ ਵੱਖ ਯੂਨੀਅਨਾਂ ਵੱਲੋਂ ਅੱਜ ਪੋਹੀੜ ਰੋਡ ਵਿਖੇ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦਾ ਡਿਊਟੀ ਸਮਾਂ ਵਧਾਉਣ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ ਅਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ।
ਟੈਕਨੀਕਲ ਸਰਵਿਸਜ਼ ਯੂਨੀਅਨ, ਰਿਟਾਇਰੀਜ਼ ਐਸੋਸੀਏਸ਼ਨ, ਇੰਪਲਾਇਜ਼ ਫੈਡਰੇਸ਼ਨ (ਭਲਵਾਨ) ਅਤੇ ਫੈਡਰੇਸ਼ਨ (ਏਟਕ) ਦੇ ਆਹੁਦੇਦਾਰਾਂ ਆਸ਼ੂ ਕੁਮਾਰ ਬੈਂਸ, ਸੁਖਚਰਨਜੀਤ ਸ਼ਰਮਾ, ਅਵਤਾਰ ਸਿੰਘ ਪੰਧੇਰ ਅਤੇ ਚਮਨ ਲਾਲ ਦੀ ਅਗਵਾਈ ਹੇਠ ਕਾਰਕੁਨਾਂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਜ਼ਦੂਰਾਂ ਦੇ ਕੰਮ ਦਾ ਸਮਾਂ ਅੱਠ ਘੰਟੇ ਤੋਂ ਵਧਾ ਕੇ ਬਾਰਾਂ ਘੰਟੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਕਾਰਪੋਰੇਟ ਸੈਕਟਰ ਦਾ ਪੱਖ ਪੂਰਿਆ ਹੈ ਅਤੇ ਮਜ਼ਦੂਰਾਂ ਨਾਲ ਧ੍ਰੋਹ ਕਮਾਇਆ ਹੈ।
ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇ ਕੁਰਬਾਨੀਆਂ ਦੇ ਕੇ ਪ੍ਰਾਪਤ ਕੀਤੇ ਅੱਠ ਘੰਟੇ ਕੰਮ ਦੇ ਹੱਕ ਨੂੰ ਖੋਹਣ ਦਾ ਫੁਰਮਾਨ ਵਾਪਸ ਨਾ ਲਿਆ ਤਾਂ ਸਮੂਹ ਮੁਲਾਜ਼ਮ ਜੱਥੇਬੰਦੀਆਂ ਮਜ਼ਦੂਰਾਂ ਦੇ ਹੱਕ ਲਈ ਇਕੱਠੀਆਂ ਹੋ ਕੇ ਸੰਘਰਸ਼ ਕਰਨਗੀਆਂ।