ਪੱਤਰ ਪ੍ਰੇਰਕ
ਰਾਏਕੋਟ, 16 ਅਗਸਤ
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਸੀਮਿਤ ਕਰਨ ਦੀ ਬਜਾਏ ਮੱਕੀ ਅਤੇ ਤੇਲ ਬੀਜਾਂ ਸਮੇਤ ਹੋਰ ਫ਼ਸਲਾਂ ਦਾ ਮੰਡੀਕਰਨ ਵਧਾਉਣ ’ਤੇ ਜ਼ੋਰ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਅਤੇ ਕਣਕ ਦੀ ਫ਼ਸਲ ਨੂੰ ਛੱਡ ਕੇ ਹੋਰ ਕਿਸੇ ਫ਼ਸਲ ਦਾ ਮੰਡੀਕਰਨ ਯਕੀਨੀ ਨਾ ਹੋਣ ਕਾਰਨ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਨਹੀਂ ਲੈ ਪਾਉਂਦੇ। ਉਨ੍ਹਾਂ ਮੰਗ ਕੀਤੀ ਕਿ ਮੌਜੂਦਾ ਖੇਤੀ ਸੰਕਟ ਅਤੇ ਕਿਸਾਨਾਂ ’ਤੇ ਪੈ ਰਹੇ ਦਬਾਅ ਨੂੰ ਵੇਖਦਿਆਂ ਸਾਰੀਆਂ ਫ਼ਸਲਾਂ ਦਾ ਮੰਡੀਕਰਨ ਬਣਾ ਕੇ ਕੇਂਦਰੀ ਖ਼ਰੀਦ ਏਜੰਸੀਆਂ ਫ਼ਸਲਾਂ ਦਾ ਦਾਣਾ ਦਾਣਾ ਖ਼ਰੀਦਣਾ ਯਕੀਨੀ ਬਣਾਊਣ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਜਿੱਥੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਰੇਗੀ ਉੱਥੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਵੀ ਬਚਾਇਆ ਜਾ ਸਕੇਗਾ।