ਖੇਤਰੀ ਪ੍ਰਤੀਨਿਧ
ਲੁਧਿਆਣਾ, 26 ਜੂਨ
ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਅੱਜ ਪੀਏਯੂ ਵਿੱਚ 5 ਕਿਲੋਮੀਟਰ ਦੀ ਮੈਰਾਥਨ ਦੌੜ ਕਰਵਾਈ ਗਈ। ਇਸ ਮੈਰਾਥਨ ਵਿੱਚ ਹਰ ਉਮਰ ਵਰਗ ਦੇ ਲੋਕਾਂ ਨੇ ਭਾਗ ਲਿਆ। ਮੈਰਾਥਨ ਨੂੰ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲੀਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਅਤੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ ਸਮੇਤ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਤੋਂ ਬਾਅਦ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿੱਚ ਇੱਕ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਹਰੇਕ ਵਿਅਕਤੀ ਦੇ ਸਾਂਝੇ ਯਤਨਾਂ ਨਾਲ ਹੀ ਸਾਡੇ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਲੁਧਿਆਣਾ ਵਿੱਚ ਹਾਲ ਹੀ ਵਿੱਚ 37 ਨਵੇਂ ਆਊਟਪੇਸ਼ੈਂਟ ਓਪੀਔਡ ਅਸਿਸਟਡ ਟ੍ਰੀਟਮੈਂਟ ਸੈਂਟਰ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਨਵੇਂ ਕਲੀਨਿਕਾਂ ਦੀ ਸ਼ੁਰੂਆਤ ਤੋਂ ਬਾਅਦ ਲੁਧਿਆਣਾ ਵਿੱਚ ਓਟ ਸੈਂਟਰਾਂ ਦੀ ਕੁੱਲ ਗਿਣਤੀ 54 ਹੋ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕੋਹੜ ਤੋਂ ਬਚਣ ਲਈ ਕਿਸੇ ਵੀ ਵਿਅਕਤੀ ਨੂੰ ਮਦਦ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਾਡੇ ਸਿਹਤ ਸੰਭਾਲ ਅਦਾਰਿਆਂ ਨਾਲ ਸੰਪਰਕ ਕਰ ਸਕਦਾ ਹੈ ਜਿੱਥੇ ਪੀੜ੍ਹਤਾਂ ਨੂੰ ਸਲਾਹ-ਮਸ਼ਵਰਾ ਅਤੇ ਇਲਾਜ ਸਮੇਤ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿੱਚ ਸੱਭਿਆਚਾਰਕ ਸਮਾਗਮ ਮੌਕੇ ਨਸ਼ਿਆਂ ਤੋਂ ਤੌਬਾ ਕਰਨ ਵਾਲੇ ਨੌਜਵਾਨ ਅਤੇ ਡੀ.ਐੱਮ.ਸੀ.ਐੱਚ. ਲੁਧਿਆਣਾ ਦੇ ਇੱਕ ਮਾਹਿਰ ਡਾਕਟਰ ਨੇ ਹਾਜ਼ਰੀਨ ਨਾਲ ਗੱਲਬਾਤ ਕੀਤੀ ਤੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਮੌਕੇ ਵਿਦਿਆਰਥੀਆਂ ਵੱਲੋਂ ਸੋਲੋ ਗੀਤ, ਸਮੂਹ ਗੀਤ, ਕੋਰੀਓਗ੍ਰਾਫੀ, ਗਿੱਧਾ ਅਤੇ ਨਾਟਕ ਆਦਿ ਦੀ ਪੇਸ਼ਕਾਰੀ ਕੀਤੀ ਗਈ। ਡਾ. ਚਰਨ ਕੰਵਲ ਸਿੰਘ ਦੀ ਅਗਵਾਈ ਹੇਠ ਇਸ਼ਮੀਤ ਸਿੰਘ ਸੰਗੀਤ ਸੰਸਥਾ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਗਿਆ। ਇਸ ਮੌਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਿੱਧਾ ਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਨਾਟਕ ਖੇਡਿਆ ਗਿਆ।
ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਸੀਪੀਐੱਲਆਈ ਸਲੇਮ ਟਾਬਰੀ ਦੁਆਰਾ ਚਲਾਏ ਜਾ ਰਹੇ ਡਾ. ਕੋਟਨਿਸ ਐਕੂਪੰਕਚਰ ਹਸਪਤਾਲ ਅਤੇ ਰੀਸਰਚ ਸੈਂਟਰ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਵਿੱਚ ਵੱਖ ਵੱਖ ਵਰਗਾਂ ਦੇ ਪ੍ਰਤੀਨਿਧ ਸ਼ਾਮਿਲ ਹੋਏ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਅਨੂਪ ਤਾਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਹਸਪਤਾਲ ਦੇ ਡਾਇਰੈਕਟਰ ਡਾ: ਇੰਦਰਜੀਤ ਵੱਲੋਂ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਬੜੀ ਆਸਾਨੀ ਨਾਲ ਨਸ਼ਿਆਂ ਦਾ ਸ਼ਿਕਾਰ ਹੋ ਰਹੀ ਹੈ, ਜਿਸਨੂੰ ਰੋਕਣ ਲਈ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਗੈਰ ਰਸਮੀ ਤੌਰ ‘ਤੇ ਗੱਲ ਕਰਨ ਦੀ ਵੀ ਲੋੜ ਹੈ। ਡਾ ਅਮਰੀਕ ਸਿੰਘ ਸਿੱਧੂ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ। ਇਸ ਮੌਕੇ 120 ਦੇ ਕਰੀਬ ਨੌਜਵਾਨ ਵਿਦਿਆਰਥੀਆਂ ਨੇ ਸਹੁੰ ਚੁੱਕ ਸਮਾਗਮ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਵਿੱਚ ਭਾਗ ਲਿਆ।