ਨਿੱਜੀ ਪੱਤਰ ਪ੍ਰੇਰਕ
ਖੰਨਾ, 12 ਅਕਤੂਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਅੱਜ ਇੱਥੇ ਸੂਬੇ ਦੀ ‘ਆਪ’ ਸਰਕਾਰ ਖ਼ਿਲਾਫ਼ ਨਾਅੇਬਾਜ਼ੀ ਕੀਤੀ। ਮੋਰਚੇ ਦੇ ਕਾਰਕੁਨ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਗੁਰਵਿੰਦਰ ਸਿੰਘ, ਬਲਿਹਾਰ ਸਿੰਘ, ਸ਼ੇਰ ਸਿੰਘ ਅਤੇ ਸਿਮਰਨਜੀਤ ਸਿੰਘ ਨੇ ਸੂਬਾ ਸਰਕਾਰ ਵੱਲੋਂ ਘੱਟੋ-ਘੱਟ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਨਿਗੂਣਾ ਕਰਾਰ ਦਿੰਦਿਆਂ ਕਿਹਾ ਕਿ ਦਿਨੋਂ-ਦਿਨ ਵਧ ਰਹੀ ਮਹਿੰਗਾਈ ਦੌਰਾਨ ‘ਆਪ’ ਸਰਕਾਰ ਵੱਲੋਂ ਤਨਖ਼ਾਹਾਂ ਵਿੱਚ ਕੀਤਾ ਗਿਆ ਨਿਗੂਣਾ ਵਾਧਾ ਕਿਰਤੀ ਕਾਮਿਆਂ ਨਾਲ ਕੋਝਾ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਲੇਬਰ ਐਕਟ 1948 ਦੇ ਫਾਰਮੂਲੇ ਮੁਤਾਬਿਕ ਮਹਿੰਗਾਈ ਦੇ ਮੱਦੇਨਜ਼ਰ ਅਣਸਿੱਖਿਅਤ ਕਾਮੇ ਲਈ ਤਨਖ਼ਾਹ ਘੱਟੋ-ਘੱਟ 25 ਹਜ਼ਾਰ ਰੁਪਏ ਤੈਅ ਕਰਨੀ ਬਣਦੀ ਸੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਟਿੱਚ ਜਾਣਦਿਆਂ ਬਰਾਬਰ ਕੰਮ ਬਰਾਬਰ ਤਨਖਾਹ ਦਾ ਫਾਰਮੂਲਾ ਵੀ ਲਾਗੂ ਨਹੀਂ ਕੀਤਾ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਵਾਂਗ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਖੁੱਲ੍ਹੇ ਖਰਚਿਆਂ ਦੇ ਗੱਫੇ ਦੇ ਕੇ ਪੰਜਾਬ ਸਰਕਾਰ ਦੇ ਖਜ਼ਾਨੇ ਦੀ ਅੰਨ੍ਹੀ ਲੁੱਟ ਕਰਵਾਈ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਅਤੇ ਸਰਕਾਰੀ ਵਿਭਾਗਾਂ ਵਿੱਚੋਂ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਕਰਕੇ ਸਮੂਹ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ। ਇਸ ਮੌਕੇ ਰਮਨਪ੍ਰੀਤ ਕੌਰ ਮਾਨ, ਪਵਨਦੀਪ ਸਿੰਘ, ਸੁਰਿੰਦਰ ਕੁਮਾਰ, ਜਸਪ੍ਰੀਤ ਸਿੰਘ ਗਗਨ ਅਤੇ ਜਗਸੀਰ ਸਿੰਘ ਭੰਗੂ ਹਾਜ਼ਰ ਸਨ।