ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਜੁਲਾਈ
ਪੁਰਾਣੀ ਪੈਨਸ਼ਨ ਦੀ ਪ੍ਰਾਪਤੀ ਲਈ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਅੱਜ ਬਜਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੇ ਸੂਬਾ ਕੋ-ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਨੇ ਦੱਸਿਆ ਕਿ ਮੋਰਚੇ ਵੱਲੋਂ 28 ਜੂਨ ਨੂੰ ਪੁਰਾਣੀ ਪੈਨਸ਼ਨ ਬਹਾਲੀ ਲਈ ਸੂਬਾ ਪੱਧਰੀ ਰੈਲੀ ਕਰ ਕੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਗਿਆ ਸੀ। ਇਸ ਦੌਰਾਨ ਸਿਵਲ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਦਿੱਤੇ ਪੈਨਲ ਮੀਟਿੰਗ ਸਬੰਧੀ ਵਿਸ਼ਵਾਸ ਤੋਂ ਬਾਅਦ ਮਾਰਚ ਸ਼ਤਮ ਕਰ ਦਿੱਤਾ ਗਿਆ ਸੀ। ਪਰ ਵਿੱਤ ਮੰਤਰੀ ਪੰਜਾਬ ਵੱਲੋਂ ਮੁਲਾਜ਼ਮਾਂ ਨਾਲ ਮੀਟਿੰਗ ਕਰਨੀ ਜ਼ਰੂਰੀ ਨਹੀਂ ਸਮਝੀ ਜਿਸ ਦੇ ਰੋਸ ਵਜੋਂ ਅੱਜ ਲੁਧਿਆਣਾ ਵਿੱਚ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕਰਨਾ ਪਿਆ।
ਇਸ ਮੌਕੇ ਮੋਰਚੇ ਦੇ ਜ਼ਿਲ੍ਹਾ ਲੁਧਿਆਣਾ ਦੇ ਆਗੂ ਲਾਲ ਬਹਾਦੁਰ ਯਾਦਵ, ਮਨਮੋਹਨ ਸਿੰਘ, ਨਵਨੀਤ ਸ਼ਰਮਾ, ਗੁਰਇਕਬਾਲ ਸਿੰਘ, ਭੁਪਿੰਦਰ ਸਿੰਘ, ਬਰਿੰਦਰ ਸਿੰਘ ਪੰਡੋਰੀ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਪ੍ਰਵੀਨ ਕੁਮਾਰ, ਏਟਕ ਆਗੂ ਡੀਪੀ ਮੌੜ, ਗੁਰਮੇਲ ਸਿੰਘ ਮੈਲਡੇ, ਸੁਰਿੰਦਰ ਬੈਂਸ, ਕੇਵਲ ਸਿੰਘ ਬਨਵੈਤ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਕੋਈ ਠੋਸ ਯਤਨ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਵਿੱਚ ਸਟੇਟ ਸ਼ੇਅਰ ਦੇ ਨਾਂ ’ਤੇ ਪਾਇਆ ਜਾ ਰਿਹਾ 14 ਫ਼ੀਸਦੀ ਹਿੱਸਾ ਕਾਰਪੋਰੇਟ ਘਰਾਣਿਆਂ ਦੇ ਰਹਿਮੋ-ਕਰਮ ’ਤੇ ਛੱਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨਾਲ ਮੌਜੂਦਾ ਸਮੇਂ ਦੌਰਾਨ ਪੰਜਾਬ ਸਰਕਾਰ ’ਤੇ ਕੋਈ ਵਿੱਤੀ ਬੋਝ ਨਹੀਂ ਪੈਂਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ੋਰਾ ਸਿੰਘ, ਗੁਰਪ੍ਰੀਤ ਸਿੰਘ, ਅਮਨਿੰਦਰ ਸਿੰਘ, ਚਰਨ ਸਿੰਘ ਤਾਜਪੁਰੀ ਮੁਲਾਜ਼ਮ ਆਗੂ ਵੀ ਹਾਜ਼ਰ ਸਨ।
ਇਸੇ ਦੌਰਾਨ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਲੁਧਿਆਣਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੀਲ੍ਹ ਅਤੇ ਜਨਰਲ ਸਕੱਤਰ ਰਮਨਜੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਜਸਵਿੰਦਰ ਕੌਰ, ਕਿਰਨ ਸ਼ਰਮਾ, ਮੋਨਾ ਰਾਣੀ, ਰੁਪਿੰਦਰ ਸਿੰਘ, ਸਾਨੂੰ ਗੁਪਤਾ, ਡਿੰਪਲ ਰਾਣੀ, ਜੰਗਪਾਲ ਰਾਇਕੋਟ, ਰਾਜਿੰਦਰ ਜੰਡਿਆਲੀ, ਕੇਵਲ ਰਾਮ ਮਾਂਗਟ ਆਦਿ ਹਾਜ਼ਰ ਸਨ।
ਵਿੱਤ ਮੰਤਰੀ ਦਾ ਪੁਤਲਾ ਫੂਕਿਆ
ਜਗਰਾਉਂ (ਚਰਨਜੀਤ ਸਿੰਘ ਢਿੱਲੋਂ): ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਮੁਲਾਜ਼ਮਾਂ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਕਾਰਕੁਨਾਂ ਨੇ ਸਾਂਝੇ ਤੌਰ ’ਤੇ ਸੂਬਾ ਸਰਕਾਰ ਖ਼ਿਲਾਫ਼ ਭੜਾਸ ਕੱਢੀ। ਇਸ ਦੌਰਾਨ ਵਿੱਤ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੌਰਾਨ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਅਵਤਾਰ ਗਗੜਾ, ਪਰਮਜੀਤ ਪੰਮੀ, ਜਗਸੀਰ ਨੇਰ੍ਹੀ ਨੇ ਆਖਿਆ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਬੋਲੀ ਹੋਰ ਸੀ ਹੁਣ ਹੋਰ ਹੋ ਗਈ ਹੈ।