ਨਿੱਜੀ ਪੱਤਰ ਪ੍ਰੇਰਕ
ਖੰਨਾ, 27 ਜੂਨ
ਆਮ ਆਦਮੀ ਪਾਰਟੀ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਪਲੇਠਾ ਬਜਟ ਮੁਲਾਜ਼ਮ ਵਿਰੋਧੀ ਤੇ ਮੋਦੀ ਹਕੂਮਤ ਨਵੀਂ ਸਿੱਖਿਆ ਨੀਤੀ-2020 ਦੀਆਂ ਨਿੱਜੀਕਰਨ ਪੱਖੀ ਲੋਕ ਵਿਰੋਧੀ ਨੀਤੀਆਂ ਨੂੰ ਸਾਜਿਸ਼ੀ ਢੰਗ ਨਾਲ ਲਾਗੂ ਕਰਨ ਵਾਲਾ ਹੈ ਜਿਸ ਵਿਚ ਪੰਜਾਬ ਦੇ ਅਧਿਆਪਕਾ ਦੀ ਸੁੱਖ ਸਹੂਲਤ ਤੇ ਉੱਚੇਰੇ ਵਿੱਦਿਅਕ ਮਿਆਰਾਂ ਲਈ ਕੋਈ ਮਦ ਨਹੀਂ ਹੈ। ਇਹ ਗੱਲ ਅੱਜ ਇਥੇ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸਰਵਣ ਸਿੰਘ ਔਜਲਾ ਨੇ ਭਗਵੰਤ ਮਾਨ ਸਰਕਾਰ ਦੇ ਬਜਟ ’ਤੇ ਪ੍ਰਤੀਕਰਮ ਦਿੰਦਿਆਂ ਕਹੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਰਾਜ ਸੱਤਾ ਹਾਸਲ ਕਰਨ ਲਈ ਅਧਿਆਪਕ ਵਰਗ ਨਾਲ ਕੀਤੇ ਵਾਅਦਿਆਂ ਨੂੰ ਬਜਟ ਵਿਚ ਮੂਲੋਂ ਹੀ ਅੱਖੋਂ ਪਰੋਖੇ ਹੀ ਕਰ ਦਿੱਤਾ ਗਿਆ ਹੈ। ਜਸਵਿੰਦਰ ਸਿੰਘ, ਗੁਰਮੀਤ ਕੋਟਲੀ, ਬਲਬੀਰ ਲੌਂਗੋਵਾਲ ਅਤੇ ਕਰਨੈਲ ਸਿੰਘ ਨੇ ਸਪੱਸ਼ਟ ਕੀਤਾ ਕਿ ਬਜਟ ਆਪ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿਚ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ, ਪ੍ਰੰਤੂ ਇਸ ਬਜਟ ਵਿਚ ਪੈਨਸ਼ਨ ਬਹਾਲੀ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ।