ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਜੂਨ
ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ 41 ਵਿੱਚ ਸਥਿਤ ਵਿਸ਼ਵਕਰਮਾ ਪਾਰਕ, ਜੈਮਲ ਰੋਡ ਵਿੱਚ ਸਮਾਗਮ ਕੀਤਾ ਗਿਆ ਜਿਸ ਵਿੱਚ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਦਾ ਪ੍ਰਣ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਵਾਰਡ ਇੰਚਾਰਜ ਰੇਸ਼ਮ ਸਿੰਘ ਸੱਗੂ ਨੇ ਮਿਲਕੇ ਬੂਟੇ ਲਗਾਏ। ਵਿਧਾਇਕ ਸਿੱਧੂ ਨੇ ਐਲਾਨ ਕੀਤਾ ਕਿ ਹਲਕਾ ਆਤਮਾ ਨਗਰ ਵਿੱਚ ਪੰਜ ਹਜ਼ਾਰ ਬੂਟੇ ਲਗਾਏ ਜਾਣਗੇ। ਸ੍ਰੀ ਬਾਵਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵੀ ਗੁਰੂ ਸਾਹਿਬਾਨ ਵੱਲੋਂ ਵਾਤਾਵਰਨ ਨੂੰ ਸੰਭਾਲਣ ਲਈ ਮਨੁੱਖਤਾ ਨੂੰ ਵਿਸ਼ੇਸ਼ ਸੰਦੇਸ਼ ਵੀ ਦਿੱਤਾ ਗਿਆ ਹੈ ਜਿਸ ਉੱਪਰ ਦ੍ਰਿੜਤਾ ਨਾਲ ਪਹਿਰਾ ਦੇਣ ਦੀ ਲੋੜ ਹੈ।
ਇਸ ਦੌਰਾਨ ਬੱਚਿਆਂ ਦੀ ਭੰਗੜਾ ਕਲਾਸ ਦੇ ਕੋਚ ਤਰਲੋਚਨ ਸਿੰਘ, ਹਰਜੀਤ ਸਿੰਘ ਸੈਣੀ, ਸੁਖਵਿੰਦਰ ਸਿੰਘ ਬੰਟੀ, ਕੰਵਲਜੀਤ ਸਿੰਘ ਸੈਣੀ, ਮਨਪ੍ਰੀਤ ਸਿੰਘ, ਪ੍ਰਿਆ ਲੋਟੇ ਆਦਿ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੁਰਜੀਤ ਸਿੰਘ ਬਸੰਤ, ਚੇਅਰਮੈਨ ਬਲਜਿੰਦਰ ਸਿੰਘ ਹੂੰਝਣ, ਜਸਦੀਪ ਸਿੰਘ ਦੀਪਾ, ਬਲਾਕ ਪ੍ਰਧਾਨ ਯਸ਼ਪਾਲ ਸ਼ਰਮਾ ਅਤੇ ਹਰਭਜਨ ਸਿੰਘ ਭੱਜੀ ਆਦਿ ਵੀ ਹਾਜ਼ਰ ਸਨ।
ਸਿੱਧਵਾਂ ਕਨਾਲ ਦੇ ਕੰਢਿਆਂ ’ਤੇ ਬੂਟੇ ਲਾਏ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਿੱਧਵਾਂ ਕਨਾਲ ਦੇ ਕੰਢਿਆਂ ’ਤੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਕੁਦਰਤ ਦੀਆਂ ਸਭ ਤੋਂ ਅਨਮੋਲ ਵਸਤਾਂ ਪਾਣੀ, ਹਵਾ ਤੇ ਧਰਤੀ ਦੀ ਸ਼ੁੱਧਤਾ ਅਤੇ ਸਾਂਭ-ਸੰਭਾਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਇਹ ਕੁਦਰਤੀ ਸਾਧਨ ਸਿਹਤਮੰਦ ਰਹਿਣਗੇ ਤਾਂ ਹੀ ਮਨੁੱਖ ਨਰੋਆ ਅਤੇ ਬਿਮਾਰੀਆਂ ਰਹਿਤ ਜੀਵਨ ਬਸਰ ਕਰ ਸਕਦਾ ਹੈ। ਇਸ ਮੌਕੇ ਉਨ੍ਹਾਂ ‘ਲੈਟਸ ਕਲੀਨ ਲੁਧਿਆਣਾ ਫਾਊਂਡੇਸ਼ਨ’ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਵੱਲੋਂ ਸਿੱਧਵਾਂ ਕਨਾਲ ਨੇੜੇ ਖਾਲੀ ਪਈ ਜ਼ਮੀਨ ਨੂੰ ਪੱਧਰ ਕਰਕੇ ਫੁੱਲਦਾਰ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਹੈ। ਇਸ ਮਗਰੋਂ ਡਿਪਟੀ ਕਮਿਸ਼ਨਰ ਨੇ ਲੋਧੀ ਕਲੱਬ ਦੀ ਕਾਰਜਕਾਰੀ ਕਮੇਟੀ ਵੱਲੋਂ ਐੱਨਜੀਓ ਸਿਟੀ ਨੀਡਜ਼ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੁਦਰਤ ਦੀ ਸੰਭਾਲ ਅਤੇ ਕੁਦਰਤੀ ਸੋਮਿਆਂ ਦੀ ਯੋਗ ਵਰਤੋਂ ਨੂੰ ਯਕੀਨੀ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਮਹਿਮਾਨਾਂ ਨੂੰ ਬੂਟੇ ਵੀ ਵੰਡੇ। ਇਸ ਮੌਕੇ ਏਡੀਸੀ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ‘ਲੈਟਸ ਕਲੀਨ ਲੁਧਿਆਣਾ ਫਾਊਂਡੇਸ਼ਨ’ ਦੇਂ ਮੈਂਬਰ ਕਰਨਲ ਜੇਐਸ ਗਿੱਲ, ਲੋਧੀ ਕਲੱਬ ਦੇ ਕੰਵਲਜੀਤ ਸਿੰਘ ਡੰਗ ਆਦਿ ਵੀ ਹਾਜ਼ਰ ਸਨ।