ਸਤਵਿੰਦਰ ਬਸਰਾ
ਲੁਧਿਆਣਾ, 5 ਅਪਰੈਲ
ਬੁੱਢੇ ਨਾਲੇ ਦੇ ਪ੍ਰਦੂਸ਼ਿਤ ਪਾਣੀ ਨੂੰ ਸਤਲੁਜ ਵਿੱਚ ਸੁੱਟਣ ਤੋਂ ਰੋਕਣ ਲਈ ਅੱਜ ਲੁਧਿਆਣਾ ਦੀ ਕੇਂਦਰੀ ਜੇਲ੍ਹ ਨੇੜ੍ਹੇ ਸਮਾਜ ਸੇਵੀ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵਾਤਾਵਰਨ ਪ੍ਰੇਮੀ ਇਕੱਠੇ ਹੋਏ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਬੁੱਢੇ ਨਾਲੇ ਨੂੰ ਪ੍ਰਦੂਸ਼ਿਤ ਕਰਨ ਵਾਲੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤਹਿ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਕਤਲ ਦੇ ਕੇਸ ਦਰਜ ਕੀਤੇ ਜਾਣ। ਇਨ੍ਹਾਂ ਵਾਤਾਵਰਨ ਪ੍ਰੇਮੀਆਂ ਨੇ ਤਾਜਪੁਰ ਰੋਡ ਨੇੜੇ ਲੱਗੇ ਸੀਵਰਜ ਟਰੀਟਮੈਂਟ ਪਲਾਂਟ, ਭੱਟੀਆਂ, ਸਤਲੁਜ ਵਿੱਚ ਡਿੱਗਦੇ ਬੁੱਢੇ ਨਾਲੇ ਵਾਲੀ ਥਾਂ ਸਮੇਤ ਕੁੱਲ ਚਾਰ ਥਾਵਾਂ ਦਾ ਦੌਰਾ ਕੀਤਾ।
ਇਸ ਇਕੱਤਰਤਾ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ, ਫਿਲਮੀ ਅਦਾਕਾਰ ਅਮਤੋਜ ਮਾਨ, ਸੀਨੀਅਰ ਪੱਤਰਕਾਰ ਹਮੀਰ ਸਿੰਘ, ਸਰਬਜੀਤ ਸਿੰਘ ਧਾਲੀਵਾਲ, ਲੱਖਾ ਸਿਧਾਣਾ, ਇੰਜ. ਜਸਕੀਰਤ ਸਿੰਘ, ਕੁਲਦੀਪ ਸਿੰਘ ਖਹਿਰਾ, ਇੰਜ. ਕਪਿਲ ਅਰੋੜਾ, ਡਾ. ਅਮਨਦੀਪ ਸਿੰਘ ਬੈਂਸ ਆਦਿ ਸਮੇਤ ਹੋਰ ਕਈ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਜਿੰਨੀ ਦੇਰ ਤੱਕ ਲੋਕ ਖੁਦ ਜਾਗਰੂਕ ਹੋ ਕਿ ਅੱਗੇ ਨਹੀਂ ਆਉਂਦੇ ਉਨੀਂ ਦੇਰ ਤੱਕ ਸਰਕਾਰਾਂ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲੈਣਾ।
ਪੱਤਰਕਾਰ ਹਮੀਰ ਸਿੰਘ ਨੇ ਕਿਹਾ ਕਿ ਉਕਤ ਪ੍ਰਦੂਸ਼ਣ ਲਈ ਅਧਿਕਾਰੀਆਂ ਦੀ ਜ਼ਿੰਮੇਵਾਰੀ ਤਹਿ ਕੀਤੀ ਜਾਣੀ ਚਾਹੀਦੀ ਹੈ। ਬੁੱਢੇ ਨਾਲੇ ਨੂੰ ਪ੍ਰਦੂਸ਼ਿਤ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ ’ਤੇ ਕਤਲ ਦੇ ਮਾਮਲੇ ਦਰਜ ਹੋਣੇ ਚਾਹੀਦੇ ਹਨ ਕਿਉਂਕਿ ਇਹੋ ਪਾਣੀ ਅੱਗੇ ਰਾਜਸਥਾਨ ਵਿੱਚ ਜਾ ਕੇ ਲੋਕਾਂ ਦੀਆਂ ਜਾਨਾਂ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ 1975 ਵਿੱਚ ਬਣੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਗੁਜ਼ਾਰੀ ’ਤੇ ਵੀ ਨਿਗ੍ਹਾ ਰੱਖਣ ਦੀ ਲੋੜ ਹੈ।
ਫਿਲਮੀ ਅਦਾਕਾਰ ਅਮਤੋਜ ਮਾਨ ਨੇ ਕਿਹਾ ਕਿ ਬੁੱਢੇ ਨਾਲੇ ਦੀ ਸਾਫ਼-ਸਫ਼ਾਈ ਲਈ ਸਬੰਧਤ ਅਧਿਕਾਰੀਆਂ ਨੂੰ ਸਾਲਾਨਾ ਕਰੋੜਾਂ ਰੁਪਏ ਤਨਖਾਹਾਂ ਦੇ ਰੂਪ ਵਿੱਚ ਦਿੱਤੇ ਜਾਂਦੇ ਹਨ। ਜੇਕਰ ਇਹ ਅਧਿਕਾਰੀ ਬਿਨਾਂ ਸੋਧਿਆ ਪਾਣੀ ਹੀ ਬੁੱਢੇ ਨਾਲੇ ਵਿੱਚ ਰੋੜ੍ਹੀ ਜਾ ਰਹੇ ਹਨ ਤਾਂ ਫਿਰ ਇਨ੍ਹਾਂ ’ਤੇ ਕਰੋੜਾਂ ਰੁਪਏ ਖਰਚਣ ਦੀ ਕੀ ਤੁੱਕ ਬਣਦੀ ਹੈ। ਲੱਖਾ ਸਿਧਾਣਾ ਨੇ ਕਿਹਾ ਕਿ ਦਿਨੋ ਦਿਨ ਬੁੱਢੇ ਨਾਲੇ ਅਤੇ ਸਤਲੁਜ ਵਿਚ ਵਧ ਰਿਹਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ ਹੈ।