350 ਸਾਲਾ ਗੁਰਗੱਦੀ ਤੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਗੱਦੀ ਦਿਵਸ ਅਤੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਵੱਖ-ਵੱਖ ਗੁਰੂ-ਘਰਾਂ ਵਿੱਚ ਹੋਏ, ਜਿਨ੍ਹਾਂ ਵਿੱਚ ਸੰਗਤ ਨੇ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ।
ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਮੌਜੂਦ ਮੁਖੀ ਸੰਤ ਅਮੀਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੀ ਅਦੁੱਤੀ ਸ਼ਖ਼ਸੀਅਤ ਬਾਰੇ ਰੌਸ਼ਨੀ ਪਾਈ। ਸੰਤ ਅਮੀਰ ਸਿੰਘ ਨੇ ਪਿਛਲੇ ਸਮੇਂ ਦੌਰਾਨ ਆਰੰਭ ਹੋਏ 350 ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਵੀ ਸਮਾਪਤੀ ਦੀ ਅਰਦਾਸ ਕੀਤੀ। ਇਸ ਤੋਂ ਪਹਿਲਾਂ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਨੌਵੇਂ ਪਾਤਸ਼ਾਹ ਜੀ ਦੀ ਬਾਣੀ ਅਤੇ ਦਸਮ ਬਾਣੀ ਦੇ ਕੀਰਤਨ ਕੀਤੇ। ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿੱਚ ਵੀ ਗੁਰਮਤਿ ਸਮਾਗਮ ਹੋਏ ਜਿਨ੍ਹਾਂ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ, ਭਾਈ ਗੁਰਸ਼ਰਨ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪ੍ਰਮਵੀਰ ਸਿੰਘ ਅਤੇ ਭਾਈ ਰਜ਼ੇਸ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ ਅਤੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਸ਼ਾਹੀ ਸਾਬਕਾ ਏ ਡੀ ਸੀ ਪੀ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਤਰਲੋਚਨ ਸਿੰਘ ਬੱਬਰ, ਬੀਬੀ ਬਲਜੀਤ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਜਤਿੰਦਰਪਾਲ ਸਿੰਘ ਸਲੂਜਾ, ਬਲਜੀਤ ਸਿੰਘ ਦੁਖੀਆ, ਸੁਨੀਲ ਕੁਮਾਰ ਅਤੇ ਰਵਿੰਦਰ ਸਿੰਘ ਹਾਜ਼ਰ ਸਨ।
