ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰੂਘਰਾਂ ਵਿੱਚ ਗੁਰਮਤਿ ਸਮਾਗਮ ਹੋਏ ਜਿਨ੍ਹਾਂ ਵਿੱਚ ਸੰਗਤ ਨੇ ਕਥਾ ਕੀਰਤਨ ਦਾ ਆਨੰਦ ਮਾਣਿਆ। ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਹੋਏ ਜਪ ਤਪ ਚੁਪਹਿਰਾ ਸਮਾਗਮ ਮੌਕੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਸੰਗਤੀ ਰੂਪ ਵਿੱਚ ਜਪੁ ਜੀ ਸਾਹਿਬ, ਚੌਪਈ ਸਾਹਿਬ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ। ਉਪਰੰਤ ਬੀਬੀਸੀ ਦੇ ਜਥੇ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਅੰਮ੍ਰਿਤਸਰ ਅਤੇ ਭਾਈ ਹਰਸਿਦਕ ਸਿੰਘ ਨੇ ਕੀਰਤਨ ਕੀਤਾ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਅਰਦਾਸੀਏ ਸਿੰਘ ਭਾਈ ਸੁਖਦੇਵ ਸਿੰਘ ਨੇ ਅਰਦਾਸ ਕੀਤੀ। ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਸਰਨਾ, ਨਵਪ੍ਰੀਤ ਸਿੰਘ ਬਿੰਦਰਾ ਅਤੇ ਹਰਪ੍ਰੀਤ ਸਿੰਘ ਰਾਜਧਾਨੀ ਨੇ ਸੰਗਤ ਦਾ ਧੰਨਵਾਦ ਕਰਦਿਆਂ ਜਥਿਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਫ਼ਤ ਇਲਾਜ਼ ਕੀਤਾ ਗਿਆ। ਇਸ ਮੌਕੇ ਅਮਰਜੀਤ ਸਿੰਘ ਟਿੱਕਾ, ਅਮਰਪਾਲ ਸਿੰਘ ਸਰਨਾ, ਹਰਵਿੰਦਰ ਪਾਲ ਸਿੰਘ ਚਾਵਲਾ. ਜਸਵਿੰਦਰ ਸਿੰਘ ਸੇਠੀ ਅਤੇ ਪਰਮਜੀਤ ਸਿੰਘ ਬੰਟੀ ਵੀ ਹਾਜ਼ਰ ਸਨ।
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿੱਚ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ, ਭਾਈ ਗੁਰਸ਼ਰਨ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪ੍ਰਮਵੀਰ ਸਿੰਘ ਅਤੇ ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜੱਥੇ ਵੱਲੋਂ ਸੰਗਤ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ। ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤ ਦਾ ਧੰਨਵਾਦ ਕਰਦਿਆਂ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ। ਇਸ ਮੌਕੇ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਇੰਦਰਜੀਤ ਸਿੰਘ ਗੋਲਾ, ਜਗਦੇਵ ਸਿੰਘ ਗੋਹਲਵੜੀਆ, ਬਲਜੀਤ ਸਿੰਘ ਦੁਖੀਆ, ਜਤਿੰਦਰਪਾਲ ਸਿੰਘ ਸਲੂਜਾ, ਵੀ ਹਾਜ਼ਰ ਸਨ।