ਗੁਰਿੰਦਰ ਸਿੰਘ
ਲੁਧਿਆਣਾ, 13 ਸਤੰਬਰ
ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਚੌਕ ਵਿਖੇ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਅੰਮ੍ਰਿਤ ਵੇਲੇ ਤੋਂ ਰਾਤ ਤੱਕ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਜਸਕੀਰਤ ਸਿੰਘ ਆਨੰਦਪੁਰੀ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਲਵਪ੍ਰੀਤ ਸਿੰਘ ਭੰਗੂ ਫਿਲੌਰ ਤੋਂ ਇਲਾਵਾ ਭਾਈ ਦਵਿੰਦਰ ਸਿੰਘ ਖਾਲਸਾ ਸੁਹਾਣਾ ਵਾਲਿਆਂ ਵੱਲੋਂ ਕੀਰਤਨ ਦੀ ਹਾਜ਼ਰੀ ਭਰੀ ਗਈ। ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਅਤੇ ਸਤਪਾਲ ਸਿੰਘ ਪਾਲ ਨੇ ਰਾਗੀ ਜਥਿਆਂ ਨੂੰ ਸਿਰਪਾਉ ਭੇਟ ਕੀਤੇ। ਇਸ ਮੌਕੇ ਮਾਤਾ ਅੰਮ੍ਰਿਤ ਕੌਰ, ਪਰਮਜੀਤ ਸਿੰਘ, ਤੇਜਿੰਦਰ ਸਿੰਘ ਡੰਗ ਤੇ ਸੁਰਜੀਤ ਸਿੰਘ ਮਠਾੜੂ ਵੀ ਹਾਜ਼ਰ ਸਨ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਇਥੋਂ ਦੇ ਗੁਰਦੁਆਰਾ ਸ਼੍ਰੋਮਣੀ ਭਗਤ ਨਾਮਦੇਵ ਵਿਖੇ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ, ਜਿੱਥੇ ਹਜ਼ਾਰਾਂ ਦੀ ਤਾਦਾਦ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਨਿਤਨੇਮ ਬਾਣੀਆਂ ਦੇ ਪਾਠ ਉਪਰੰਤ ਸੁਖਮਨੀ ਸਾਹਿਬ ਦੇ ਜੀ ਦੇ ਸਮੂਹਿਕ ਪਾਠਾਂ ਦੇ ਭੋਗ ਪਾਏ ਗਏ। ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਅਮਰੀਕ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।