ਖੇਤਰੀ ਪ੍ਰਤੀਨਿਧ
ਲੁਧਿਆਣਾ, 28 ਨਵੰਬਰ
ਸਰਕਾਰੀ ਕਾਲਜ ਲੜਕੀਆਂ ਵਿੱਚ ਪੰਜਾਬੀ ਸਾਹਿਤ ਸਭਾ, ਪੰਜਾਬੀ ਵਿਭਾਗ ਵੱਲੋਂ ਮਾਂ-ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ‘ਪੰਜਾਬੀ ਮਾਂਹ’ ਮਨਾਇਆ ਗਿਆ। ਇਸ ਤਹਿਤ ਵਿਦਿਆਰਥੀਆਂ ਨੂੰ ਵਿਸਰ ਰਹੀ ਪੰਜਾਬੀ ਮਾਂ ਬੋਲੀ ਪ੍ਰਤੀ ਸੁਚੇਤ ਅਤੇ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਪੇਪਰ ਰੀਡਿੰਗ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪੰਜਾਬੀ ਭਾਸ਼ਾ ਪਾਸਾਰ ਭਾਈਚਾਰਾ ਫਾਊਂਡੇਸ਼ਨ ਕੈਨੇਡਾ ਨਾਲ ਜੁੜੇ ਪ੍ਰੋ. ਇੰਦਰਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਪੇਪਰ ਰੀਡਿੰਗ ਮੁਕਾਬਲੇ ਵਿੱਚੋਂ ਮਨਵੀਰ ਕੌਰ, ਜਸਪ੍ਰੀਤ ਕੌਰ ਅਤੇ ਨੀਸ਼ਾ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਕਵਿਤਾ ਉਚਾਰਨ ਮੁਕਾਬਲੇ ਵਿੱਚੋਂ ਦਮਨਪ੍ਰੀਤ ਕੌਰ, ਮਨਵੀਰ ਕੌਰ ਅਤੇ ਮੁਸਕਾਨ ਸ਼ਰਮਾ ਨੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕੀਤੀਆਂ। ਕਾਲਜ ਦੀ ਵਾਈਸ ਪ੍ਰਿੰਸੀਪਲ ਕਿਰਪਾਲ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬੀ ਭਾਸ਼ਾ ਦੇ ਪਾਸਾਰ ਲਈ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ। ਪੰਜਾਬੀ ਵਿਭਾਗ ਦੇ ਮੁਖੀ ਡਾ. ਸਰਨਜੀਤ ਕੌਰ ਪਰਮਾਰ ਨੇ ਆਏ ਹੋਏ ਮਹਿਮਾਨ ਦਾ ਰਸਮੀ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਪੰਜਾਬੀ ਵਿਭਾਗ ਦੇ ਸਮੂਹ ਅਧਿਆਪਕ ਵੀ ਹਾਜ਼ਰ ਸਨ।