ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਅਪਰੈਲ
ਇੱਥੇ ਗੁਰਦਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਵਿੱਚ ਗੁਰੂ ਅਰਜਨ ਦੇਵ ਅਤੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਹਜ਼ੂਰੀ ਰਾਗੀ ਭਾਈ ਸੁਖਜੀਵਨ ਸਿੰਘ ਦੇ ਕੀਰਤਨੀ ਜਥੇ, ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਅਤੇ ਕਥਾਵਾਚਕ ਭਾਈ ਕੁਲਦੀਪ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਗੁਰ ਸ਼ਬਦ ਨਾਲ ਜੋੜਿਆ। ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਨੇ ਸੰਗਤ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਪ੍ਰਬੰਧਕਾਂ ਵੱਲੋਂ ਪ੍ਰਚਾਰਕ ਭਾਈ ਕੁਲਦੀਪ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱੱਚ ਹੋਏ ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ਅਮਨਦੀਪ ਸਿੰਘ, ਭਾਈ ਕੁਲਵਿੰਦਰ ਸਿੰਘ ਅਤੇ ਭਾਈ ਪਰਮਿੰਦਰ ਸਿੰਘ ਤਰਨ ਤਾਰਨ ਦੇ ਕੀਰਤਨੀ ਜਥਿਆਂ ਨੇ ਕੀਰਤਨ ਕੀਤਾ। ਕਥਾਵਾਚਕ ਭਾਈ ਬਚਿੱਤਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਕੀਰਤਨੀ ਜਥਿਆਂ ਨੂੰ ਸਨਮਾਨਿਤ ਕੀਤਾ।