ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਜੁਲਾਈ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਵੱਖ ਵੱਖ ਗੁਰੂਘਰਾਂ ਵਿੱਚ ਹੋਏ ਜਿਨ੍ਹਾਂ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ।
ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਨਾਮ ਅਭਿਆਸ ਸਮਾਗਮ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਹੋਇਆ। ਉਨ੍ਹਾਂ ਅਕਾਲ ਤਖਤ ਸਾਹਿਬ ਦੇ ਗੌਰਵਮਈ ਇਤਿਹਾਸ ਬਾਰੇ ਰੌਸ਼ਨੀ ਪਾਈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵੁਉਚ ਅਸਥਾਨ ਹੈ ਜਿੱਥੋਂ ਕੌਮ ਨੇ ਹਮੇਸ਼ਾਂ ਹੀ ਅਗਵਾਈ ਲੈਕੇ ਆਪਣੇ ਹੱਕਾਂ ਦੀ ਗੱਲ ਕੀਤੀ ਹੈ। ਉਨ੍ਹਾਂ ਸਮੁੱਚੀ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਝੰਡੇ ਹੇਠ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ। ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹੋਏ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਦੀ ਲੋੜ ਤੇ ਜ਼ੋਰ ਦਿੱਤਾ।
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਭਾਈ ਅੰਮ੍ਰਿਤਪਾਲ ਸਿੰਘ ਦੇ ਜਥੇ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫੀ ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਰਨਾ ਦਿੰਦੀ ਹੈ।