ਗੁਰੂ ਘਰਾਂ ਵਿੱਚ ਭਾਦੋਂ ਮਹੀਨੇ ਦੀ ਸੰਗਰਾਂਦ ਮੌਕੇ ਸਮਾਗਮ
ਵੱਖ ਵੱਖ ਗੁਰੂਘਰਾਂ ਵਿੱਚ ਭਾਦੋਂ ਮਹੀਨੇ ਦੀ ਸੰਗਰਾਂਦ ਮੌਕੇ ਗੁਰਮਤਿ ਸਮਾਗਮ ਹੋਏ ਜਿਨ੍ਹਾਂ ਵਿੱਚ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਅਤੇ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਸਰਵਣ ਕੀਤਾ। ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿੱਚ ਹੋਏ ਸਮਾਗਮ ਦੌਰਾਨ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਸ਼ਰਨ ਸਿੰਘ, ਇੰਡੋ-ਕਨੇਡੀਅਨ ਸਕੂਲ ਦੇ ਬੱਚੇ, ਭਾਈ ਪਰਮਵੀਰ ਸਿੰਘ ਨੇ ਗੁਰਬਾਣੀ ਕੀਰਤਨ ਸੰਗਤ ਨੂੰ ਨਾਮ ਰਸ ਨਾਲ ਜੋੜਿਆ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਚ ਹੋਏ ਸਮਾਗਮ ਦੌਰਾਨ ਗੁਰ ਸ਼ਬਦ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਕੀਰਤਨ ਕੀਤਾ। ਉਪਰੰਤ ਸੰਤ ਗਿਆਨੀ ਅਮੀਰ ਸਿੰਘ ਨੇ ਸੰਗਤ ਨੂੰ ਬਾਰਹ ਮਾਹਾ ਮਾਂਝ ਅਤੇ ਬਾਰਹ ਮਾਹਾ ਤੁਖਾਰੀ ਦੇ ਨਾਲ-ਨਾਲ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਵੱਖ-ਵੱਖ ਪੱਖਾਂ ਦੇ ਹਵਾਲਿਆਂ ਨਾਲ ‘ਭਾਦੋਂ’ ਮਹੀਨੇ ਬਾਰੇ ਵਿਚਾਰ ਕੀਤੀ।