ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 15 ਮਈ
ਇੱਥੇ ਗੁਰੂ ਅਮਰਦਾਸ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵੱਖ-ਵੱਖ ਗੁਰੂ ਘਰਾਂ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ ਜਿਨ੍ਹਾਂ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼, ਜਵੱਦੀ ਟਕਸਾਲ ਵਿੱਚ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਹੋਏ ਸਮਾਗਮ ਵਿੱਚ ਗੁਰਸ਼ਬਦ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਕੀਤਾ।
ਸੰਤ ਅਮੀਰ ਸਿੰਘ ਨੇ ਸੰਗਤ ਨੂੰ ਨਾਮ ਸਿਮਰਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਜਿਵੇਂ ਗੁਰੂ ਅਮਰਦਾਸ ਨੇ ਸੇਵਾ ਕਰ ਕੇ ਬਹੁਤ ਮਾਣ-ਸਤਿਕਾਰ ਪ੍ਰਾਪਤ ਕੀਤਾ ਤੇ ਗੁਰੂ ਅੰਗਦ ਦੇਵ ਜੀ ਪਾਸ ਰਹਿਕੇ ਨਾਮ ਸਿਮਰਨ ਨਾਲ ਜੁੜਦਿਆਂ ਗੁਰੂ ਨਾਨਕ ਦੇਵ ਦੀ ਗੱਦੀ ਦੇ ਤੀਜੇ ਵਾਰਿਸ ਬਣੇ, ਉਸੇ ਤਰ੍ਹਾਂ ਸਾਨੂੰ ਵੀ ਗੁਰੂ ਅਮਰਦਾਸ ਦੇ ਜੀਵਨ ਵਿੱਚੋਂ ਸੇਵਾ ਤੇ ਸਿਮਰਨ ਵਾਲੇ ਗੁਣਾਂ ਨੂੰ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਅਮਨ, ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਦੁਆ ਵੀ ਕੀਤੀ। ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿੱਚ ਹੋਏ ਸਮਾਗਮ ਦੌਰਾਨ ਬੀਬੀ ਬਲਜੀਤ ਕੌਰ ਤਲਵਾੜਾ ਵਾਲਿਆਂ ਦੇ ਜਥੇ ਨੇ ਗੁਰੂ ਸਾਹਿਬ ਦੀ ਬਾਣੀ ਦਾ ਕੀਰਤਨ ਕੀਤਾ। ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਜਥੇ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਬਲਬੀਰ ਸਿੰਘ ਭਾਟੀਆ, ਮਨਿੰਦਰ ਸਿੰਘ ਆਹੂਜਾ ਤੇ ਸੁਰਿੰਦਰਪਾਲ ਸਿੰਘ ਭੁਟੀਆਨੀ ਹਾਜ਼ਰ ਸਨ।