ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 18 ਨਵੰਬਰ
ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ 2022 ਵਿੱਚ ਲੋਕ ਇਨਸਾਫ਼ ਪਾਰਟੀ ਦੀ ਸਰਕਾਰ ਆਉਣ ’ਤੇ ਪੰਜਾਬ ਵਿੱਚ ਆਪਣੀ ਸੱਤਾ ਦੌਰਾਨ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਕੀਤੇ ਘਪਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਵਿਧਾਇਕ ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਸਮੇਂ ਦੀਆਂ ਸਰਕਾਰਾਂ ਵੱਲੋਂ ਹਰ ਕੰਮ ਵਿੱਚ ਵੱਡੀ ਪੱਧਰ ’ਤੇ ਘਪਲੇ ਕੀਤੇ ਹੋਏ ਹਨ ਪਰ ਕਿਸੇ ਵੀ ਘਪਲੇ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾ ਨਹੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਸੂਬੇ ’ਚ ਕੀਤੇ ਗਏ ਹਰ ਘਪਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ ਅਤੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਦੇਣ ਲਈ ਲਿਪ ਦਾ ਹਰ ਵਰਕਰ ਅਤੇ ਅਹੁਦੇਦਾਰ ਵਚਨਬੱਧ ਹੈ। ਵਿਧਾਇਕ ਬੈਂਸ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਇਕ ਦਿਨ ’ਚ ਇਕ ਕਰੋੜ ਰਪੁਏ ਰੈਵਿਨਿਉ ਵਧਾਉਣ ਦੇ ਬਿਆਨ ’ਤੇ ਗੱਲ ਕਰਦਿਆਂ ਰਾਜਾ ਵੜਿੰਗ ਨੂੰ ਸਵਾਲ ਕਰਦਿਆ ਕਿਹਾ ਕਿ ਪਹਿਲਾਂ 10 ਸਾਲ ਅਕਾਲੀ ਦਲ ਅਤੇ ਹੁਣ ਸਾਢੇ ਚਾਰ ਸਾਲ ਕਾਂਗਰਸ ਸਰਕਾਰ ਵੱਲੋਂ ਜੋ ਟਰਾਂਸਪੋਰਟ ਵਿਚ ਘਪਲਾ ਕੀਤਾ ਹੈ, ਉਸ ਦੀ ਜਾਂਚ ਕੋਣ ਕਰੇਗਾ। ਉਨ੍ਹਾਂ ਕਿਹਾ ਕਿ ਜੇ ਹੁਣ ਇੱਕ ਦਿਨ ਦਾ ਇਕ ਕਰੌੜ ਰੈਵੇਨਿਊ ਵੱਧ ਸਕਦਾ ਹੈ ਤਾਂ ਪਿਛਲੇ 15 ਸਾਲਾਂ ਦਾ ਹਿਸਾਬ ਕੋਣ ਕਰੇਗਾ।