ਸਾਬਕਾ ਸੈਨਿਕਾਂ ਵੱਲੋਂ ਕੇਂਦਰ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼
ਅੱਜ ਇਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਾਬਕਾ ਸੈਨਿਕ ਵੈਲਫ਼ੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇੱਕਤਰਤਾ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਾਬਕਾ ਸੈਨਿਕਾਂ ਨੂੰ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਕੈਪਟਨ ਮਾਜਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾ ਸਾਬਕਾ ਸੈਨਿਕਾਂ ਦੀਆਂ ਮੰਗਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਦਾ ਭਰੋਸਾ ਦਿਵਾਇਆ ਸੀ ਪਰ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਅੱਜ ਬਜ਼ੁਰਗ ਸੈਨਿਕਾਂ ਨੂੰ ਸੜਕਂ ’ਤੇ ਰੁਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕ ‘ਇਕ ਰੈਂਕ-ਇਕ ਪੈਨਸ਼ਨ’ ਤੇ ਪਿਛਲੇ 18 ਮਹੀਨਿਆਂ ਦੇ ਏਰੀਅਰ ਦੀ ਮੰਗ ਨੂੰ ਪੂਰਾ ਕਰਨ ਲਏ ਧਰਨੇ ਦੇ ਰਹੇ ਹਨ ਪਰ ਸਰਕਾਰ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ। ਇਸ ਮੌਕੇ ਕੈਪਟਨ ਮੁਕੰਦ ਸਿੰਘ ਅਤੇ ਸੂਬੇਦਾਰ ਮੇਜਰ ਕਰਨੈਲ ਸਿੰਘ ਨੇ ਕਿਹਾ ਕਿ ਉਹ ਦੇਸ਼ ਕਦੇ ਵੀ ਬੁਲੰਦੀਆ ਨਹੀਂ ਛੂਹ ਸਕਦਾ, ਜਿੱਥੇ ਸਰਕਾਰਾਂ ਵੱਲੋਂ ਦਿਨ ਰਾਤ ਡਿਊਟੀ ਕਰਨ ਵਾਲੇ ਸੈਨਿਕਾਂ ਦੇ ਬਣਦੇ ਹੱਕ ਨਾ ਦੇ ਕੇ ਧੱਕੇਸ਼ਾਹੀ ਕੀਤੀ ਜਾਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਹੜ੍ਹਾਂ ਦੀ ਮਾਰ ਨਾਲ ਤਬਾਹ ਹੋਈਆਂ ਹਜ਼ਾਰਾਂ ਏਕੜ ਫਸਲਾਂ, ਉੱਜੜੇ ਘਰਾਂ ਅਤੇ ਮਾਰੇ ਗਏ ਪਸ਼ੂਆਂ ਦੀ ਭਰਪਾਈ ਲਈ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਕੈਪਟਨ ਨਰਿੰਦਰ ਸਿੰਘ, ਬਲਦੇਵ ਸਿੰਘ, ਕਰਨੈਲ ਸਿੰਘ, ਸਮਸ਼ੇਰ ਸਿੰਘ, ਗੁਰਮੇਲ ਸਿੰਘ, ਰਾਮ ਮੋਹਨ, ਗੋਪਾਲ ਸਿੰਘ, ਮੇਵਾ ਸਿੰਘ, ਕੁਲਵੰਤ ਸਿੰਘ, ਕਿਰਨਜੀਤ ਕੌਰ, ਦਰਸ਼ਨ ਸਿੰਘ, ਦਲਜੀਤ ਕੌਰ, ਤਰਸੇਮ ਸਿੰਘ, ਹਰੀਂ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਜਸਮੇਲ ਸਿੰਘ, ਜਰਨੈਲ ਸਿੰਘ, ਸਾਧੂ ਸਿੰਘ, ਪਾਲ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।
