ਨਿੱਜੀ ਪੱਤਰ ਪ੍ਰੇਰਕ
ਖੰਨਾ, 4 ਜੁਲਾਈ
ਇੱਥੇ ਅੱਜ ਸਾਬਕਾ ਸੈਨਿਕ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਸਾਬਕਾ ਸੈਨਿਕਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਨੂੰ ‘ਇਕ ਰੈਂਕ-ਇਕ ਪੈਨਸ਼ਨ’ ਦੇਣ ਦੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਕੈਪਟਨ ਨੰਦ ਲਾਲ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਤਿੰਨ ਮਹੀਨਿਆਂ ਦੇ ਅੰਦਰ 2019 ਤੋਂ ਲੈ ਕੇ ਪੈਨਸ਼ਨ ਰੀਵਾਈਜ਼ ਕਰ ਕੇ ਬਣਦਾ ਬਕਾਇਆ ਤੇ ਪੈਨਸ਼ਨ ਦੇਣੀ ਸੀ ਪਰ ਤਿੰਨ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਅਤੇ ਕੇਂਦਰ ਸਰਕਾਰ ਨੇ ਹਾਲੇ ਤੱਕ ਦੇ ਸੁਪਰੀਮ ਕੋਰਟ ਦੇ ਹੁਕਮ ਨਹੀਂ ਮੰਨੇ। ਸਾਬਕਾ ਸੈਨਿਕਾਂ ਦਾ ਹੱਕ ਮਾਰ ਕੇ ਕੇਂਦਰ ਸਰਕਾਰ ਬਹੁਤ ਵੱਡਾ ਧੋਖਾ ਕਰ ਰਹੀ ਹੈ।
ਸੂਬੇਦਾਰ ਮੇਜਰ ਕਰਨੈਲ ਸਿੰਘ, ਰੱਬੀਂ ਸਿੰਘ ਅਤੇ ਜਗਰੂਪ ਸਿੰਘ ਨੇ ਸਾਬਕਾ ਸੈਨਿਕਾਂ ਦੀ ਮੀਟਿੰਗ 10 ਜੁਲਾਈ ਨੂੰ ਗੁਰਦੁਆਰਾ ਕਲਗੀਧਰ ਸਾਹਿਬ ਨੇੜੇ ਕੀਤੀ ਜਾਵੇਗੀ। ਇਸ ਵਿਚ ਕੇਂਦਰ ਸਰਕਾਰ ਖ਼ਿਲਾਫ਼ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕੇਂਦਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ।