ਜੋਗਿੰਦਰ ਸਿੰਘ ਓਬਰਾਏ
ਖੰਨਾ, 10 ਸਤੰਬਰ
ਇਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਾਬਕਾ ਫੌਜੀਆਂ ਦੀ ਇਕੱਤਰਤਾ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਸੈਨਿਕਾਂ ਤੇ ਵੀਰ ਨਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਨੰਦ ਲਾਲ ਮਾਜਰੀ ਅਤੇ ਸੂਬੇਦਾਰ ਮੇਜਰ ਕਰੈਨਲ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਸੈਨਿਕਾਂ ਦਾ ਅਧੂਰਾ ਡੀ.ਏ ਦਾ ਬਕਾਇਆ ਨਾ ਦੇਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ‘ਇਕ ਰੈਂਕ-ਇਕ ਪੈਨਸ਼ਨ’ ਸਬੰਧੀ ਸੁਪਰੀਮ ਕੋਰਟ ਵਿਚ ਚੱਲ ਰਹੇ ਕੇਸ ਦੀ ਤਰੀਕ ਤੇ ਤਰੀਕ ਪੈਣਾ ਸੈਨਿਕਾਂ ਨਾਲ ਕੋਝਾ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਸੈਨਿਕਾਂ ਦੀਆਂ ਹੱਕੀ ਮੰਗਾਂ ਵੱਲ ਹੀ ਧਿਆਨ ਨਹੀਂ ਦੇ ਰਹੀ ਤਾਂ ਆਮ ਜਨਤਾ ਦਾ ਕੀ ਹਾਲ ਹੋਵੇਗਾ। ਕੇਂਦਰ ਸਰਕਾਰ ਆਪਣੇ ਚੋਣਾਂ ਦੌਰਾਨ ਸੈਨਿਕਾਂ ਨਾਲ ਕੀਤੇ ਹਰ ਵਾਅਦੇ ਤੋਂ ਮੁਕਰ ਰਹੀ ਹੈ ਅਤੇ ਸਾਬਕਾ ਸੈਨਿਕ ਹੁਣ ਸਰਕਾਰ ਦੀਆਂ ਜ਼ਿਆਦਤੀਆਂ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਅੜੀਅਲ ਰਵੱਈਆ ਦਾ ਖਮਿਆਜ਼ਾ ਆਉਣ ਵਾਲੀਆਂ ਚੋਣਾਂ ਦੌਰਾਨ ਭੁਗਤਣਾ ਪਵੇਗਾ। ਇਸ ਮੌਕੇ ਸੂਬੇਦਾਰ ਰੱਬੀਂ ਸਿੰਘ ਅਤੇ ਕੈਪਟਨ ਮਲਕੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤਿਆਂ ਨੂੰ ਭਿਖਾਰੀ ਬਣਾਉਣ ਬਾਰੇ ਸੋਚ ਰਹੀ ਹੈ, ਜਿਸ ਨੂੰ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ, ਕਿਉਂਕਿ ਕਿਸਾਨਾਂ ਨਾਲ ਸਰਹੱਦਾਂ ਦੇ ਰਖਵਾਲੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਇਸ ਮੌਕੇ ਸੂਬੇਦਾਰ ਮੇਜਰ ਕਰਨੈਲ ਸਿੰਘ, ਜਗਰੂਪ ਸਿੰਘ, ਹਰੀ ਸਿੰਘ, ਕੇਸਰ ਸਿੰਘ, ਚਰਨਜੀਤ ਸਿੰਘ, ਦਰਬਾਰਾ ਸਿੰਘ, ਸੁਰਜੀਤ ਸਿੰਘ, ਹਰਨੇਕ ਸਿੰਘ, ਬਹਾਦਰ ਸਿੰਘ, ਬੰਤ ਸਿੰਘ, ਸਾਧੂ ਸਿੰਘ, ਮੇਵਾ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।