ਪਰਾਲੀ ਸਾੜਨ ਦੇ ਨੁਕਸਾਨ ਤੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਬਾਰੇ ਦੱਸਿਆ
ਏ ਡੀ ਸੀ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਖੇਤ ’ਚ ਮਿਲਾ ਕੇ ਉਪਜਾਊ ਸ਼ਕਤੀ ਵਧਾਉਣ ਲਈ ਪ੍ਰੇਰਿਆ
ਇਥੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੇ ਪਿੰਡ ਮਾਹੇਰਨਾ ਖੁਰਦ ਅਤੇ ਮਹੋਲੀ ਖੁਰਦ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੂੰ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਅੱਗ ਲਾਉਣ ਨਾਲ ਮਿੱਟੀ ਦੇ ਪੌਸ਼ਟਿਕ ਤੱਤ ਖਤਮ ਹੋ ਜਾਂਦੇ ਹਨ ਅਤੇ ਮਿੱਟੀ ਵਿੱਚ ਮੌਜੂਦ ਮਿੱਤਰ ਬੈਕਟੀਰੀਆ ਵੀ ਮਰ ਜਾਂਦੇ ਹਨ ਜੋ ਕਿ ਫਸਲ ਦੀ ਪੈਦਾਵਾਰ ਲਈ ਬਹੁਤ ਲਾਭਦਾਇਕ ਹੁੰਦੇ ਹਨ ਜਿਸ ਕਰਕੇ ਕਿਸਾਨਾਂ ਨੂੰ ਅਗਲੇ ਸੀਜ਼ਨ ਹੋਰ ਵੀ ਜ਼ਿਆਦਾ ਖਾਦ ਦੀ ਵਰਤੋਂ ਕਰ ਕੇ ਇਨ੍ਹਾਂ ਪੌਸ਼ਟਿਕ ਤੱਤਾਂ ਨੂੰ ਮੁੜ ਸੁਰਜੀਤ ਕਰਨਾ ਪੈਂਦਾ ਹੈ ਜਿਸ ਨਾਲ ਕਿਸਾਨ ਦੀ ਫਸਲੀ ਲਾਗਤ ਵਿੱਚ ਵਾਧਾ ਹੁੰਦਾ ਹੈ ਅਤੇ ਅੱਗ ਲਾਉਣ ਨਾਲ ਜੋ ਵਾਤਾਵਰਨ ਖਰਾਬ ਹੁੰਦਾ ਹੈ ਉਸ ਨਾਲ ਜੀਵ ਜੰਤੂ ਅਤੇ ਪਸ਼ੂ ਪੰਛੀਆਂ ਨੂੰ ਵੀ ਨੁਕਸਾਨ ਝੱਲਣਾ ਪੈਂਦਾ ਹੈ। ਅੱਗ ਤੋਂ ਪੈਦਾ ਹੋਣ ਵਾਲੇ ਧੂਏਂ ਨਾਲ ਸਾਹ ਦੀਆਂ ਬਿਮਾਰੀਆਂ ਵੀ ਵੱਧ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ/ਨਾੜ ਨੂੰ ਸਾੜਨ ਦੀ ਥਾਂ, ਜਮੀਨ ਵਿਚ ਮਿਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ, ਖਾਦਾਂ ਘੱਟ ਪਾਉਣ ਦੀ ਲੋੜ ਪੈਂਦੀ ਹੈ ਅਤੇ ਮਿੱਤਰ ਕੀੜਿਆਂ ਦੀ ਗਿਣਤੀ ਵੱਧਣ ਕਾਰਨ ਫ਼ਸਲ ਤੇ ਕੀੜੇ-ਮਕੋੜਿਆ ਦਾ ਹਮਲਾ ਵੀ ਘੱਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ੀਨਾਂ ਸਬਸਿਡੀ ਉੱਤੇ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਮਦਦ ਨਾਲ ਅਸਾਨੀ ਨਾਲ ਫ਼ਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿਚ ਨਿਪਟਾਉਣ ਦੇ ਨਾਲ ਨਾਲ ਇਸ ਦੀਆਂ ਗੰਢਾ ਬਣਾ ਕੇ ਵਪਾਰਿਕ ਤਰੀਕੇ ਨਾਲ ਵੀ ਇਸ ਦੀ ਵਰਤੋ ਕੀਤੀ ਜਾ ਸਕਦੀ ਹੈ।