ਖੇਤਰੀ ਪ੍ਰਤੀਨਿਧ
ਲੁਧਿਆਣਾ, 12 ਮਈ
ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਸ਼ਾਇਰ ਤੇ ਕਵੀ ਪਦਮਸ੍ਰੀ ਡਾ. ਸੁਰਜੀਤ ਪਾਤਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਫਾਊਂਡੇਸ਼ਨ, ਪੰਜਾਬ ਨਾਟਿਆ ਅਕੈਡਮੀ ਸਣੇ ਕਈ ਸਾਹਿਤਕ ਸੰਸਥਾਵਾਂ ਹਮੇਸ਼ਾ ਡਾ. ਪਾਤਰ ਤੋਂ ਪ੍ਰੇਰਨਾ ਲੈਂਦੀਆਂ ਰਹੀਆਂ ਹਨ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਫਾਊਂਡੇਸ਼ਨ ਦੇ ਸਰਪ੍ਰਸਤ ਗੁਰਭਜਨ ਸਿੰਘ ਗਿੱਲ, ਪਰਗਟ ਸਿੰਘ ਗਰੇਵਾਲ, ਪ੍ਰਧਾਨ ਰਾਜੀਵ ਕੁਮਾਰ ਲਵਲੀ, ਮਾਲਵਾ ਸਾਂਝੇ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਸੰਸਥਾ ਦੇ ਸਰਪ੍ਰਸਤ ਮਲਕੀਤ ਸਿੰਘ ਦਾਖਾ, ਫਾਊਂਡੇਸ਼ਨ ਦੇ ਚੇਅਰਮੈਨ ਗੁਰਨਾਮ ਸਿੰਘ ਧਾਰੀਵਾਲ, ਅਮਰਿੰਦਰ ਸਿੰਘ ਜੱਸੋਵਾਲ, ਅਮਰਜੀਤ ਸ਼ੇਰਪੁਰੀ, ਸਰਬਜੀਤ ਸਿੰਘ ਬਿਰਦੀ, ਦਿਲਬਾਗ ਸਿੰਘ ਕਟਾਰੇ ਕਲਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਪਾਤਰ ਦਾ ਦੇਹਾਂਤ ਸਮੂਹ ਪੰਜਾਬੀਆਂ ਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲਿਆਂ ਲਈ ਵੱਡਾ ਘਾਟਾ ਹੈ।
ਇਸੇ ਤਰ੍ਹਾਂ ਸਰਕਾਰੀ ਕਾਲਜ ਲੜਕੀਆਂ ਵਿੱਚ ਕਰਵਾਏ ਇੱਕ ਸਮਾਗਮ ਦੌਰਾਨ ਡਾ. ਪਾਤਰ ਨੂੰ ਸ਼ਰਧਾਂਜਲੀ ਦਿੱਤੀ ਗਈ। ਕਾਲਜ ਪ੍ਰਿੰਸੀਪਲ ਸੁਮਨ ਲਤਾ ਦੀ ਅਗਵਾਈ ਹੇਠ ਹੋਈ ਸੋਕ ਸਭਾ ਵਿੱਚ ਬੁਲਾਰਿਆਂ ਨੇ ਕਿਹਾ ਕਿ ਪੰਜਾਬੀ ਸਾਹਿਤ ਦੇ ਇਤਿਹਾਸ ਵਿੱਚ ਅਜਿਹਾ ਲੇਖਕ ਨਾ ਕੋਈ ਹੋਇਆ ਹੈ ਅਤੇ ਨਾ ਹੀ ਹੋਣਾ ਹੈ, ਜਿਸ ਦੀ ਕਵਿਤਾ ਹੌਲੀ-ਹੌਲੀ ਸੱਤਾ ਨਾਲ ਬਗ਼ਾਵਤ ਵੀ ਕਰ ਗਈ ਅਤੇ ਮੁਹੱਬਤ ਦਾ ਸੰਦੇਸ਼ ਵੀ ਦੇ ਗਈ।