ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ ਵੱਲੋਂ ਅੱਖਾਂ ਦਾ ਜਾਂਚ ਕੈਂਪ
ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਮਈ
ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ ਵੱਲੋਂ ਜਵਾਹਰ ਨਗਰ ਕੈਂਪ ਦੇ ਲੋਕਾਂ ਲਈ ਇੱਕ ਮਹੀਨਾ ਚੱਲਣ ਵਾਲਾ ਮੁਫ਼ਤ ਅੱਖਾਂ ਦਾ ਚੈੱਕ-ਅੱਪ ਕੈਂਪ ਲਾਇਆ ਜਾ ਰਿਹਾ ਹੈ। ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਵਾਹਰ ਨਗਰ ਦੇ ਅਹਾਤੇ ਵਿੱਚ ਲੱਗਿਆ ਇਹ ਕੈਂਪ ਇਸ ਮਹੀਨੇ ਦੇ ਅਖੀਰ ਵਿੱਚ ਖਤਮ ਹੋਵੇਗਾ। ਇਸ ਕੈਂਪ ਦੌਰਾਨ ਐਨਜੀਓ ਦੇ ਮੁਖੀ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਕੈਂਪ ਦੌਰਾਨ ਮਰੀਜ਼ਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਇਲਾਜ ਲਈ ਪਹੁੰਚੀ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਮੈਡੀਕਲ ਟੀਮ ਨਾਲ ਵੀ ਗੱਲਬਾਤ ਕੀਤੀ ਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ’ਤੇ ਸੰਤੁਸ਼ਟੀ ਜ਼ਾਹਿਰ ਕੀਤੀ।
ਐੱਮਪੀ ਅਰੋੜਾ ਨੇ ਸਥਾਨਕ ਭਾਈਚਾਰੇ ਨੂੰ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਅਤੇ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੈਂਪ ਵਿੱਚ ਲੋੜਵੰਦ ਲੋਕਾਂ ਨੂੰ ਅੱਖਾਂ ਦੀ ਮੁਫ਼ਤ ਜਾਂਚ ਤੋਂ ਇਲਾਵਾ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਮੋਤੀਆਬਿੰਦ ਤੋਂ ਪੀੜਤ ਮਰੀਜ਼ਾਂ ਨੂੰ ਮੁਫ਼ਤ ਸਰਜਰੀ ਲਈ ਡੀਐਮਸੀਐਚ ਭੇਜਿਆ ਜਾ ਰਿਹਾ ਹੈ। ਕੈਂਪ ਵਿੱਚ ਹੁਣ ਤੱਕ ਲਗਭਗ 1000 ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਕੁੱਲ 12 ਮੋਤੀਆਬਿੰਦ ਦੇ ਆਪ੍ਰੇਸ਼ਨ ਕੀਤੇ ਗਏ ਹਨ। ਇਸ ਤੋਂ ਇਲਾਵਾ 500 ਦੇ ਕਰੀਬ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਗਈਆਂ ਹਨ। ਨਗਰ ਕੌਂਸਲਰ ਕਪਿਲ ਕੁਮਾਰ ਸੋਨੂੰ ਨੇ ਐਮ.ਪੀ. ਅਰੋੜਾ ਅਤੇ ਟਰੱਸਟ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਇਲਾਕੇ ਵਿੱਚ ਅੱਖਾਂ ਦਾ ਇੰਨਾਂ ਵੱਡਾ ਅਤੇ ਵਧੀਆ ਕੈਂਪ ਲਗਾਇਆ ਗਿਆ ਹੈ।