ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 18 ਅਕਤੂਬਰ
ਲੁਧਿਆਣਾ ਦੀਆਂ ਤਹਿਸੀਲਾਂ ਵਿੱਚ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਜਾਅਲੀ ਐੱਨਓਸੀ ਵਰਤਣ ਦੀਆਂ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਅੱਜ ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਤਹਿਸੀਲ ਦਫ਼ਤਰਾਂ ਵਿੱਚ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੂੰ ਮਾਮਲੇ ਵਿੱਚ ਜਾਂਚ ਰਿਪੋਰਟ ਛੇਤੀ ਸੌਂਪਣ ਦੀ ਹਦਾਇਤ ਕੀਤੀ।
ਜਾਣਕਾਰੀ ਮੁਤਾਬਕ ਕੈਬਨਿਟ ਮੰਤਰੀ ਜਿੰਪਾ ਨੇ ਲੁਧਿਆਣਾ ਪੱਛਮੀ ਅਤੇ ਲੁਧਿਆਣਾ ਕੇਂਦਰੀ ਦੇ ਸਬ-ਰਜਿਸਟਰਾਰ ਦਫ਼ਤਰਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਤਹਿਸੀਲਾਂ ਵਿੱਚ ਕਾਫ਼ੀ ਖਾਮੀਆਂ ਹਨ ਅਤੇ ਗ਼ਲਤ ਢੰਗ ਨਾਲ ਹੋ ਰਹੀਆਂ ਰਜਿਸਟਰੀਆਂ ਬਾਰੇ ਕਾਫ਼ੀ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਕਰ ਕੇ ਇਹ ਦੌਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਮੁਲਜ਼ਮਾਂ ਖ਼ਿਲਾਫ਼ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸ੍ਰੀ ਜਿੰਪਾ ਨੇ ਕਿਹਾ ਕਿ ਉਨ੍ਹਾਂ ਨੂੰ ਜ਼ਮੀਨ ਦੀ ਰਜਿਸਟਰੀ ਲਈ ਜਾਅਲੀ ਐੱਨਓਸੀ ਦੀ ਵਰਤੋਂ ਸਬੰਧੀ ਕੁਝ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨਿੱਜੀ ਤੌਰ ’ਤੇ ਮਾਮਲੇ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਮਾਲ ਮੰਤਰੀ ਨੇ ਕਲੋਨਾਈਜ਼ਰਾਂ ਅਤੇ ਪ੍ਰਾਪਰਟੀ ਡੀਲਰਾਂ ਨਾਲ ਵੀ ਮੀਟਿੰਗ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਬਿੇੜਾ ਛੇਤੀ ਕਰਨ ਦਾ ਭਰੋਸਾ ਦਿੱਤਾ।