ਬੌਂਦਲ ਅਤੇ ਨਾਗਰਾ ’ਚ ਕਿਸਾਨ ਜਾਗਰੂਕਤਾ ਕੈਂਪ
ਉਪ ਮੰਡਲ ਮੈਜਿਸਟਰੇਟ ਸਮਰਾਲਾ ਰਜਨੀਸ਼ ਅਰੋੜਾ ਅਤੇ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਬਲਾਕ ਖੇਤੀਬਾੜੀ ਅਫ਼ਸਰ ਸਮਰਾਲਾ ਡਾ. ਗੌਰਵ ਧੀਰ ਦੀ ਅਗਵਾਈ ਵਿੱਚ ਖੇਤੀਬਾੜੀ ਦਫ਼ਤਰ ਸਮਰਾਲਾ ਵੱਲੋਂ ਪਿੰਡ ਬੌਂਦਲ ਅਤੇ ਨਾਗਰਾ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਏ ਡੀ ਓ ਹਿਮਾਂਸ਼ੂ ਅਗਰਵਾਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨਾ ਵਾਤਾਵਰਨ ਲਈ ਗੰਭੀਰ ਖ਼ਤਰਾ ਹੈ, ਇਸ ਲਈ ਇਸ ਦਾ ਸੁਚੱਜਾ ਪ੍ਰਬੰਧਨ ਆਧੁਨਿਕ ਮਸ਼ੀਨਾਂ ਰਾਹੀਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਸਬਸਿਡੀ ’ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਬੇਲਰ ਮਸ਼ੀਨਾਂ ਵੀ ਸ਼ਾਮਲ ਹਨ। ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਆਧੁਨਿਕ ਤਰੀਕਿਆਂ ਨਾਲ ਪਰਾਲੀ ਪ੍ਰਬੰਧਨ ਕਰਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਖੇਤਾਂ ਦੀ ਉਤਪਾਦਕਤਾ ਸੁਧਰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦਾ ਖੇਤ ਵਿੱਚ ਹੀ ਦੁਬਾਰਾ ਪ੍ਰਯੋਗ ਕਰਨ ਲਈ ਕਦਮ ਚੁੱਕਣ। ਡਾ. ਕੋਮਲ ਸਾਗਰ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਸਿਰਫ਼ ਸਰਕਾਰ ਦਾ ਨਹੀਂ, ਸਗੋਂ ਹਰ ਕਿਸਾਨ ਦਾ ਸਮੂਹਿਕ ਫਰਜ਼ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਵਾਤਾਵਰਨ ਛੱਡਿਆ ਜਾ ਸਕੇ। ਚਮਕੌਰ ਸਿੰਘ ਖੇਤੀਬਾੜੀ ਉੱਪ ਨਿਰੀਖਕ ਨੇ ਕਿਸਾਨਾਂ ਨੂੰ ਖਾਦਾਂ ਅਤੇ ਦਵਾਈਆਂ ਦੀ ਲੋੜ ਅਨੁਸਾਰ ਵਰਤੋਂ ਕਰਨ ਲਈ ਪ੍ਰੇਰਿਆ। ਇਸ ਮੌਕੇ ਕੁਲਵਿੰਦਰ ਸਿੰਘ, ਪਰਗਟ ਸਿੰਘ, ਗੁਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ। ਇਹ ਜਾਗਰੂਕਤਾ ਕੈਂਪ ਕਿਸਾਨਾਂ ਨੂੰ ਵਾਤਾਵਰਨ-ਅਨੁਕੂਲ ਖੇਤੀਬਾੜੀ ਅਪਣਾਉਣ ਅਤੇ ਪਰਾਲੀ ਪ੍ਰਬੰਧਨ ਦੀ ਮਹੱਤਤਾ ਸਮਝਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।
