ਮਹਾਪੰਚਾਇਤ ਲਈ ਕਿਸਾਨ ਆਗੂਆਂ ਦੀ ਇਕੱਤਰਤਾ
ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਅਗਸਤ ਨੂੰ ਸਮਰਾਲਾ ਦੀ ਅਨਾਜ ਮੰਡੀ ਵਿੱਚ ਕੀਤੀ ਜਾਣ ਵਾਲੀ ਮਹਾਪੰਚਾਇਤ ਮੁੜ ਨਵਾਂ ਮੀਲ ਪੱਥਰ ਸਥਾਪਤ ਕਰੇਗੀ। ਇਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰ, ਬੀਬੀਆਂ ਅਤੇ ਬੱਚੇ ਸ਼ਮੂਲੀਅਤ ਕਰਨਗੇ। ਇਹ ਪ੍ਰਗਟਾਵਾ ਇੱਥੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਸੂਬਾ ਜਨਰਲ ਸਕੱਤਰ ਬੀਕੇਯੂ (ਲੱਖੋਵਾਲ) ਪਰਮਿੰਦਰ ਸਿੰਘ ਪਾਲ ਮਾਜਰਾ, ਸੂਬਾ ਮੀਤ ਪ੍ਰਧਾਨ ਬੀਕੇਯੂ (ਰਾਜੇਵਾਲ) ਸੁਖਵਿੰਦਰ ਸਿੰਘ ਭੱਟੀਆਂ, ਮਨਜੀਤ ਸਿੰਘ ਢੀਂਡਸਾ ਅਤੇ ਮਜ਼ਦੂਰ ਨੇਤ ਲਛਮਣ ਸਿੰਘ ਕੂੰਮਕਲਾਂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਮੁੱਚੇ ਲੁਧਿਆਣੇ ਜ਼ਿਲੇ ਦੇ ਕਿਸਾਨ ਅਤੇ ਮਜ਼ਦੂਰ ਇਸ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨਕਸ਼ੇ ਕਦਮ ਦੇ ਚੱਲਦੇ ਹੋਏ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਜ਼ਮੀਨ ਨੂੰ ਲੈਂਡ ਪੂਲਿੰਗ ਪਾਲਿਸੀ ਅਧੀਨ ਲਿਆ ਕੇ ਕਾਰਪੋਰੇਟਾਂ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕੀਤੀ ਸੀ ਜੋ ਵਿਰੋਧ ਕਾਰਨ ਸਰਕਾਰ ਨੇ ਚੁੱਪ-ਚੁਪੀਤੇ ਵਾਪਸ ਲੈ ਲਈ। ਇਸ ਪਾਲਿਸੀ ਨੂੰ ਵਾਪਸ ਲੈਣ ਬਦਲੇ ਜੇਤੂ ਰੈਲੀ 24 ਅਗਸਤ ਨੂੰ ਸਮਰਾਲਾ ਦੀ ਅਨਾਜ ਮੰਡੀ ਵਿੱਚ ਕੀਤੀ ਜਾਵੇਗੀ। ਇਸ ਵਿੱਚ ਹੋਰ ਕਿਸਾਨੀ ਮਸਲਿਆਂ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ। ਆਗੂਆਂ ਨੇ ਪੰਜਾਬ ਦੇ ਸਮੂਹ ਕਿਸਾਨਾਂ ਅਤੇ ਮਜ਼ਦੂਰਾਂ ਨੂੰ 24 ਅਗਸਤ ਦੀ ਮਹਾਪੰਚਾਇਤ ਵਿੱਚ ਪੁੱਜਣ ਦੀ ਅਪੀਲ ਕੀਤੀ।