ਦੇਵਿੰਦਰ ਸਿੰਘ ਜੱਗੀ
ਪਾਇਲ, 16 ਅਗਸਤ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਵੱਲੋਂ ਸ਼ਹੀਦਾਂ ਦੀ ਇਤਿਹਾਸਕ ਧਰਤੀ ਈਸੜੂ ਵਿੱਚ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਅਤੇ ਜੋਨ ਤੋੜ ਮੋਰਚੇ ਦੇ ਸ਼ਹੀਦ ਭੁਪਿੰਦਰ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਅਰਪਿਤ ਕੀਤਾ ਗਿਆ। ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਦੱਸਿਆ ਕਿ ਯੂਨੀਅਨ ਆਗੂਆਂ ਵੱਲੋਂ ਸ਼ਹੀਦਾਂ ਦੇ ਬੁੱਤਾਂ ’ਤੇ ਹਾਰ ਪਹਿਨਾ ਕੇ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ। ਇਸ ਮੌਕੇ ਸ਼ਹੀਦ ਭੁਪਿੰਦਰ ਸਿੰਘ ਜੀ ਦੇ ਪਰਿਵਾਰਾਂ ’ਚੋਂ ਸੁੱਖਾ ਸਿੰਘ ਅਤੇ ਗਗਨ ਸਿੰਘ ਨੇ ਜਥੇਬੰਦੀ ਦਾ ਬੈਜ ਲਗਵਾ ਕੇ ਅਹਿਦ ਕੀਤਾ ਕਿ ਉਹ ਸ਼ਹੀਦ ਪੁਰਖਿਆਂ ਦੇ ਪਾਏ ਪੂਰਨਿਆਂ ’ਤੇ ਚੱਲ ਕੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਪੰਜਾਬ ਦੇ ਸੀਨੀਅਰ ਆਗੂਆਂ ਬਲਦੇਵ ਸਿੰਘ ਮੀਆਂਪੁਰ, ਸੁਖਵਿੰਦਰ ਸਿੰਘ ਭੱਟੀਆਂ, ਰਜਿੰਦਰ ਸਿੰਘ ਕੋਟ ਪਨੈਚ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਬਰਮੀ ਆਦਿ ਮੌਜੂਦ ਸਨ।
ਕਾਨਫਰੰਸ ਰੱਦ ਕਰ ਕੇ ‘ਆਪ’ ਨੇ ਡਰਾਮੇਬਾਜੀ ਕੀਤੀ: ਯਾਦੂ
ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਅਤੇ ਕਿਸਾਨੀ ਸੰਘਰਸ਼ ਦੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ’ਚ ਆਗੂਆਂ ਨੇ ਸ਼ਹੀਦ ਦੇ ਆਦਮਕੱਦ ਬੁੱਤ ਤੇ ਫੁੱਲ ਮਾਲਾਵਾਂ ਪਾ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ। ਮੀਡੀਆ ਨਾਲ ਗੱਲਬਾਤ ਕਰਦਿਆਂ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹੀਦ ਦੀ ਯਾਦ ’ਚ ਹਰ ਸਾਲ ਸਰਕਾਰੀ ਪੱਧਰ ’ਤੇ ਕੀਤੀ ਜਾਂਦੀ ਸ਼ਹੀਦੀ ਕਾਨਫਰੰਸ ਨਾ ਕਰ ਕੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਕ ਪਾਸੇ ਸਰਕਾਰ ਦਾ ਪੈਸਾ ਬਚਾਉਣ ਦੀ ਗੱਲ ਕਰ ਰਹੀ ਹੈ ਤੇ ਦੂਜੇ ਪਾਸੇ ਰੋਜ਼ਾਨਾਂ ਕਰੋੜਾਂ ਰੁਪਏ ਇਸ਼ਤਿਹਾਰਾਂ ’ਤੇ ਖਰਚ ਕਰਕੇ ਫੋਕੀ ਸ਼ੋਹਰਤ ਖੱਟਣ ਲਈ ਡਰਾਮੇਬਾਜ਼ੀ ਕਰ ਰਹੀ ਹੈ।