ਡੀ ਪੀ ਐੱਸ ਬੱਤਰਾ
ਸਮਰਾਲਾ, 3 ਅਕਤੂਬਰ
ਇੱਥੇ ਸੰਯੁਕਤ ਕਿਸਾਨ ਮੋਰਚਾ ਨੇ ਐੱਸਡੀਐੱਮ ਦਫ਼ਤਰ ਸਾਹਮਣੇ ਮੰਗਾਂ ਨਾ ਮੰਨਣ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਅਤੇ ਸਥਾਨਕ ਐੱਸਡੀਐੱਮ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇ ਕੇ ਕਤਲ ਕਾਂਡ ਦੇ ਮੁਲਜ਼ਮਾਂ ਵਿਰੁੱਧ ਕਾਰਵਾਈ ਕਰਨ, ਮੁੱਖ ਸਾਜਿਸ਼ਕਰਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰਨ ਅਤੇ ਕਿਸਾਨਾਂ ਤੇ ਮੜ੍ਹੇ ਝੂਠੇ ਪੁਲੀਸ ਕੇਸ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਇਸ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅਜੈ ਮਿਸ਼ਰਾ ਟੈਣੀ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਬਾਹਰ ਕੀਤਾ ਜਾਵੇ, ਜੇਲ੍ਹਾਂ ਵਿੱਚ ਬੰਦ ਕਿਸਾਨਾਂ ’ਤੇ ਦਰਜ ਕੇਸ ਵਾਪਸ ਲਏ ਜਾਣ ਅਤੇ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ, ਸ਼ਹੀਦ ਕਿਸਾਨਾਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਅਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ।
ਪਾਇਲ (ਦੇਵਿੰਦਰ ਸਿੰਘ ਜੱਗੀ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਖੀਮਪੁਰ ਖੀਰੀ ਵਿਖੇ ਸ਼ਹੀਦ ਕੀਤੇ ਗਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਮੁਜ਼ਾਹਰਾ ਕਰ ਕੇ ਤਹਿਸੀਲਦਾਰ ਪਾਇਲ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਵੀ ਭੇਜਿਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨ ਲਹਿਰ ਨੂੰ ਖਿਡਾਉਣ ਤੇ ਕਮਜ਼ੋਰ ਕਰਨ ਲਈ ਸਰਕਾਰ ਹਰ ਤਰਾਂ ਦੇ ਹੱਥਕੰਡੇ ਵਰਤ ਰਹੀ ਹੈ ਪਰ ਕਿਸਾਨ ਵੀ ਆਪਣੇ ਏਕੇ ਦੇ ਜ਼ੋਰ ਨਾਲ ਅੱਗੇ ਵਧਣਗੇ। ਆਗੂਆਂ ਨੇ ਮੰਗ ਕੀਤੀ ਕਿ ਕਥਿਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਅੱਜ ਦੇ ਧਰਨੇ ਨੂੰ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਹਾਕਮ ਸਿੰਘ ਜਰਗੜੀ, ਮਨੋਹਰ ਸਿੰਘ ਕਲਾੜ੍ਹ , ਹਰਜੀਤ ਸਿੰਘ ਘਲੋਟੀ, ਬਲਵੰਤ ਸਿੰਘ ਘੁਡਾਣੀ, ਜਸਬੀਰ ਸਿੰਘ ਅਸਗਰੀਪੁਰ, ਪਰਮਵੀਰ ਸਿੰਘ ਘਲੋਟੀ, ਹਰਪ੍ਰੀਤ ਸਿੰਘ ਸਿਰਥਲਾ ਨੇ ਵੀ ਸੰਬੋਧਨ ਕੀਤਾ।
ਮੁੱਲਾਂਪੁਰ ਦਾਖਾ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਵੱਖ-ਵੱਖ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਲਖੀਮਪੁਰ-ਖੀਰੀ ਵਿੱਚ ਕਿਸਾਨਾਂ ਅਤੇ ਪੱਤਰਕਾਰ ਦੀ ਸ਼ਹਾਦਤ ਦੀ ਪਹਿਲੀ ਵਰ੍ਹੇਗੰਢ ਮੌਕੇ ਰੋਸ ਦਿਵਸ ਮਨਾਇਆ ਗਿਆ। ਮਾਰਕੀਟ ਕਮੇਟੀ ਦੇ ਦਫ਼ਤਰ ਸਾਹਮਣੇ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ, ਮਗਨਰੇਗਾ ਅਧਿਕਾਰ ਅੰਦੋਲਨ ਅਤੇ ਜਬਰ ਵਿਰੋਧੀ ਤਾਲਮੇਲ ਕਮੇਟੀ ਵੱਲੋਂ ਧਰਨਾ ਦਿੱਤਾ ਗਿਆ। ਕਿਸਾਨ ਆਗੂ ਜਸਦੇਵ ਸਿੰਘ ਲਲਤੋਂ, ਮਜ਼ਦੂਰ ਆਗੂ ਕਾਮਰੇਡ ਤਰਸੇਮ ਜੋਧਾਂ, ਉਜਾਗਰ ਸਿੰਘ ਬੱਦੋਵਾਲ, ਪ੍ਰਕਾਸ਼ ਸਿੰਘ ਹਿੱਸੋਵਾਲ, ਡਾ. ਗੁਰਮੇਲ ਸਿੰਘ ਕੁਲਾਰ, ਚਰਨਜੀਤ ਸਿੰਘ ਹੁਮਾਯੂੰਪੁਰਾ, ਗੁਰਦਿਆਲ ਸਿੰਘ ਤਲਵੰਡੀ ਨੇ ਧਰਨਾਕਾਰੀਆਂ ਨੂੰ ਸੰਬੋਧਨ ਕੀਤਾ। ਸ਼ਹੀਦਾਂ ਨੂੰ ਦੋ ਮਿੰਟ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਉੱਧਰ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂਆਂ ਨੇ ਮੁੱਲਾਂਪੁਰ ਤਹਿਸੀਲ ਦਫ਼ਤਰ ਦੇ ਬਾਹਰ ਧਰਨਾ ਦਿੱਤਾ।
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਲਖੀਮਪੁਰ-ਖੀਰੀ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਰੋਸ ਧਰਨਾ ਦਿੰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਸਾਨ ਆਗੂਆਂ ਨੇ ਨਾਇਬ ਤਹਿਸੀਲਦਾਰ ਡੇਹਲੋਂ ਰਾਹੀਂ ਮੰਗ-ਪੱਤਰ ਵੀ ਭੇਜਿਆ। ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਸੀਲੋਂ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਰਘਵੀਰ ਸਿੰਘ ਬੈਨੀਪਾਲ, ਜਗਤਾਰ ਸਿੰਘ ਚਕੋਹੀ, ਹਰਨੇਕ ਸਿੰਘ ਗੁੱਜਰਵਾਲ ਅਤੇ ਡਾ. ਜਸਵਿੰਦਰ ਸਿੰਘ ਕਾਲਖ ਨੇ ਸੰਬੋਧਨ ਕੀਤਾ।