Farmer training camp: ਕਿਸਾਨ ਸਿਖਲਾਈ ਕੈਂਪ ਵਿੱਚ ਪਰਾਲੀ ਨਾ ਸਾੜਨ ਦੀ ਅਪੀਲ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਲੁਧਿਆਣਾ ਵੱਲੋਂ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ ਦੇ ਸਹਿਯੋਗ ਨਾਲ ਰਾਏਕੋਟ ਦੇ ਕਤਿਆਲ ਪੈਲੇਸ ਵਿੱਚ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਉਦਘਾਟਨ ਵਿਭਾਗ ਦੇ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਨੇ ਕੀਤਾ। ਵਿਧਾਇਕ ਹਾਕਮ ਸਿੰਘ ਤੇ ਪਨਗਰੇਨ...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਲੁਧਿਆਣਾ ਵੱਲੋਂ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ ਦੇ ਸਹਿਯੋਗ ਨਾਲ ਰਾਏਕੋਟ ਦੇ ਕਤਿਆਲ ਪੈਲੇਸ ਵਿੱਚ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਉਦਘਾਟਨ ਵਿਭਾਗ ਦੇ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਨੇ ਕੀਤਾ। ਵਿਧਾਇਕ ਹਾਕਮ ਸਿੰਘ ਤੇ ਪਨਗਰੇਨ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਦੌਰਾਨ ਬੁਲਾਰਿਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲਕੀਤੀ।
ਡਾ. ਗੁਰਜੀਤ ਸਿੰਘ ਬਰਾੜ ਨੇ ਕਿਹਾ ਕਿ ਟਿਕਾਊ ਖੇਤੀ ਲਈ ਸਾਫ਼ ਵਾਤਾਵਰਨ, ਉਪਜਾਊ ਮਿੱਟੀ ਅਤੇ ਸ਼ੁੱਧ ਪਾਣੀ ਮਹੱਤਵਪੂਰਨ ਹਨ। ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ, ਮਨੁੱਖੀ ਸਿਹਤ ਅਤੇ ਬਨਸਪਤੀ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਵੱਧ ਬੂਟੇ ਲਗਾਉਣ ਅਤੇ ਆਧੁਨਿਕ ਤਕਨੀਕਾਂ ਅਪਣਾਉਣ ਦੀ ਸਲਾਹ ਦਿੱਤੀ।
ਵਿਧਾਇਕ ਹਾਕਮ ਸਿੰਘ ਨੇ ਕਿਹਾ ਕਿ ਰਹਿੰਦ-ਖੂੰਹਦ ਨੂੰ ਸਾੜਨ ਦੀ ਥਾਂ ਆਧੁਨਿਕ ਮਸ਼ੀਨਰੀ ਨਾਲ ਇਸ ਦੀ ਸੁਚੱਜੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਲਈ ਯਤਨਸ਼ੀਲ ਹੈ। ਡਾ. ਤੇਜਪਾਲ ਸਿੰਘ ਗਿੱਲ ਨੇ ਵੀ ਨਵੀਆਂ ਤਕਨੀਕਾਂ ਰਾਹੀਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਦੀ ਪ੍ਰੇਰਨਾ ਦਿੱਤੀ।
ਜ਼ਿਲ੍ਹਾ ਖੇਤੀਬਾੜੀ ਅਫਸਰ ਡਾ. ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਮਾਹਿਰਾਂ ਦੀ ਸਲਾਹ ਮੰਨਣ ਦੀ ਅਪੀਲ ਕੀਤੀ। ਉਪ ਮੰਡਲ ਮੈਜਿਸਟਰੇਟ ਖੁਸ਼ਪ੍ਰੀਤ ਸਿੰਘ ਨੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਮਦਦ ਦਾ ਭਰੋਸਾ ਦਿੱਤਾ। ਯੂਨੀਵਰਸਿਟੀ ਮਾਹਿਰਾਂ ਨੇ ਸਰਕਾਰੀ ਸਕੀਮਾਂ ਅਤੇ ਨਵੀਆਂ ਤਕਨੀਕਾਂ ਦੀ ਜਾਣਕਾਰੀ ਸਾਂਝੀ ਕੀਤੀ। ਮੰਚ ਸੰਚਾਲਨ ਡਾ. ਰਮਿੰਦਰ ਸਿੰਘ ਸਿੱਧੂ ਨੇ ਕੀਤਾ ਅਤੇ ਪ੍ਰਬੰਧਾਂ ਵਿੱਚ ਡਾ. ਅਮਨਦੀਪ ਸਿੰਘ ਘਈ, ਡਾ. ਹਰਵਿੰਦਰ ਕੌਰ, ਡਾ. ਹਰਪ੍ਰੀਤ ਕੌਰ ਤੇ ਡਾ. ਰਮਨਪ੍ਰੀਤ ਕੌਰ ਦਾ ਅਹਿਮ ਯੋਗਦਾਨ ਰਿਹਾ।

