ਜਸਬੀਰ ਸ਼ੇਤਰਾ
ਜਗਰਾਉਂ, 10 ਜੂਨ
ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੇ ਅੱਜ ਇੱਥੇ ਰੋਸ ਰੈਲੀ ਕਰ ਕੇ ਦੋਸ਼ ਲਾਇਆ ਕਿ ਮੂੰਗੀ ਦੀ ਫ਼ਸਲ ਉਤੇ ਐੱਮਐੱਸਪੀ ਦੀ ਆੜ ’ਚ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਬੇਕਦਰੀ ਕੀਤੀ ਜਾ ਰਹੀ ਹੈ। ਇਸ ਸਾਂਝੀ ਰੈਲੀ ’ਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਤੇ ਮੁਜ਼ਾਹਰਾ ਕਰਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਦਲਜੀਤ ਕੌਰ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ। ਏਸ਼ੀਆ ਦੀ ਦੂਜੀ ਵੱਡੀ ਮੰਡੀ ’ਚ ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਇਸ ਸਰਕਾਰੀ ਫ਼ੈਸਲੇ ਵਿਰੁੱਧ ਮਜ਼ਦੂਰ, ਮੁਨੀਮ ਤੇ ਆੜ੍ਹਤੀ ਪਿਛਲੇ ਅੱਠ ਦਿਨ ਤੋਂ ਹੜਤਾਲ ’ਤੇ ਚੱਲ ਰਹੇ ਹਨ। ਸਰਕਾਰੇ-ਦਰਬਾਰੇ ਆੜ੍ਹਤੀ ਵਲੋਂ ਗੁਹਾਰ ਲਗਾਉਣ ਦੇ ਬਾਵਜੂਦ ਸਰਕਾਰ ਨੇ ਅਜੇ ਤੱਕ ਮਸਲੇ ਦਾ ਹੱਲ ਨਹੀਂ ਕੀਤਾ। ਜੇਕਰ ਦੋ ਦਿਨ ’ਚ ਇਸ ਗੰਭੀਰ ਮਸਲੇ ਦਾ ਹੱਲ ਨਹੀਂ ਕੀਤਾ ਗਿਆ ਤਾਂ ਬੀਕੇਯੂ ਏਕਤਾ (ਡਕੌਂਦਾ) ਦੀ ਅਗਵਾਈ ’ਚ 13 ਜੂਨ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਬੁਲਾਰਿਆਂ ਨੇ ਸਮੂਹ ਮੂੰਗੀ ਉਤਪਾਦਕ ਕਿਸਾਨਾਂ ਨੂੰ ਉਸ ਦਿਨ ਸਵੇਰੇ 11 ਵਜੇ ਲੁਧਿਆਣਾ ਡਾਕਖਾਨੇ ਸਾਹਮਣੇ ਭਾਰਤ ਨਗਰ ਚੌਕ ਵਿਖੇ ਇਕੱਤਰ ਹੋਣ ਦਾ ਸੱਦਾ ਦਿੱਤਾ। ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਬਲਾਕ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਕੰਵਲਜੀਤ ਖੰਨਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹੁਣ ਟੇਢੇ ਢੰਗ ਨਾਲ ਲਾਗੂ ਕਰ ਰਹੀ ਹੈ। ਪੰਜਾਬ ’ਚ ਕਿਸਾਨੀ ਤੇ ਖੇਤੀ ਸੈਕਟਰ ਨੂੰ ਬਰਬਾਦ ਕਰਨ ’ਤੇ ਤੁਲੀ ਕੇਂਦਰ ਤੇ ਪੰਜਾਬ ਸਰਕਾਰ ਅਸਲ ’ਚ ਕਾਰਪੋਰੇਟ ਨੀਤੀਆਂ ਲਾਗੂ ਕਰਕੇ ਵਪਾਰੀ ਵਰਗ ਨੂੰ ਕਿਸਾਨਾਂ ਤੋਂ ਮੂੰਗੀ ਐੱਮਐੱਸਪੀ ਤੇ ਖਰੀਦ ਕੇ ਛੇ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਲੁਟਾਉਣ ਜਾ ਰਹੀ ਹੈ। ਧਰਨੇ ’ਚ ਆੜ੍ਹਤੀਆਂ ਦੇ ਪ੍ਰਧਾਨ ਕਨ੍ਹਈਆ ਲਾਲ ਬਾਂਕਾ, ਬਲਵਿੰਦਰ ਸਿੰਘ ਗਰੇਵਾਲ ਤੋਂ ਇਲਾਵਾ ਕਿਸਾਨ ਆਗੂ ਇੰਦਰਜੀਤ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਹੰਬੜਾਂ, ਜਗਤਾਰ ਸਿੰਘ ਦੇਹੜਕਾ ਹਾਜ਼ਰ ਸਨ।