ਤੋਮਰ ਦੇ ਬਿਆਨ ਤੋਂ ਭੜਕੇ ਕਿਸਾਨ

ਖੇਤੀ ਮੰਤਰੀ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕਰਕੇ ਨਾਅਰੇਬਾਜ਼ੀ

ਤੋਮਰ ਦੇ ਬਿਆਨ ਤੋਂ ਭੜਕੇ ਕਿਸਾਨ

ਕਿਲ੍ਹਾ ਰਾਏਪੁਰ ਵਿੱਚ ਅਡਾਨੀਆਂ ਦੀ ਖੁਸ਼ਕ ਬੰਦਰਗਾਹ ’ਤੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਜਸਬੀਰ ਸਿੰਘ ਸ਼ੇਤਰਾ

ਜਗਰਾਉਂ, 20 ਜੂਨ

ਤਿੰਨ ਖੇਤੀ ਕਾਨੂੰਨਾਂ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੀ ਤਾਜ਼ਾ ਬਿਆਨਬਾਜ਼ੀ ਖ਼ਿਲਾਫ਼ ਭੜਕੇ ਕਿਸਾਨਾਂ ਨੇ ਅੱਜ ਇਥੇ ਅਰਥੀ ਫੂਕ ਮੁਜ਼ਾਹਰਾ ਕੀਤਾ। ਰੇਲਵੇ ਪਾਰਕ ’ਚ ਚੱਲ ਰਹੇ ਕਿਸਾਨ ਮੋਰਚੇ ਦੇ 263ਵੇਂ ਦਿਨ ਰੋਸ ਮਾਰਚ ਕਰਨ ਤੋਂ ਬਾਅਦ ਜ਼ੋਰਦਾਰ ਨਾਅਰੇਬਾਜ਼ੀ ’ਚ ਖੇਤੀ ਮੰਤਰੀ ਦੀ ਅਰਥੀ ਫੂਕੀ ਗਈ। ਕੇਂਦਰੀ ਮੰਤਰੀ ਦੇ ਕਾਲੇ ਖੇਤੀ ਕਾਨੂੰਨ ਰੱਦ ਨਾ ਕਰਨ ਦੇ ਬਿਆਨ ਤੋਂ ਰੋਹ ’ਚ ਆਏ ਕਿਸਾਨਾਂ ਨੇ ਇਸ ਸਮੇਂ ਮੋਦੀ ਹਕੂਮਤ ਖ਼ਿਲਾਫ਼ ਤਿੱਖੇ ਗੁੱਸੇ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਧਰਨਾਕਾਰੀਆਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਉੱਡਣੇ ਸਿੱਖ ਮਿਲਖਾ ਸਿੰਘ ਦੇ ਵਿਛੋੜੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਮੰਚ ਸੰਚਾਲਕ ਧਰਮ ਸਿੰਘ ਸੂਜਾਪੁਰ ਨੇ ਕਿਹਾ ਕਿ ਇਕ ਯਤੀਮ ਬੱਚਾ ਹੁੰਦਿਆਂ ਜੀਵਨ ਦੀਆਂ ਬੁਲੰਦੀਆਂ ਸਰ ਕਰਨ ਵਾਲਾ ਮਿਲਖਾ ਸਿੰਘ ਇਕ ਵਿਲੱਖਣ ਸ਼ਖ਼ਸੀਅਤ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਨੇ ਕਿਹਾ ਕਿ 26 ਜੂਨ ਨੂੰ ਦੇਸ਼ ਭਰ ’ਚ ਕਿਸਾਨ ਅੰਦੋਲਨ ਦੇ 200 ਦਿਨ ਪੂਰੇ ਹੋਣ ’ਤੇ ਖੇਤੀ ਬਚਾਉ ਲੋਕਤੰਤਰ ਬਚਾਉ ਦਿਵਸ ਮਨਾਉਂਦਿਆਂ ਰੇਲ ਪਾਰਕ ਜਗਰਾਉਂ ਅਤੇ ਬਰਨਾਲਾ ਚੌਕ ਰਾਏਕੋਟ ਵਿੱਚ ਵਿਸ਼ਾਲ ਇਕੱਠ ਕੀਤੇ ਜਾਣਗੇ। ਇਸ ਦਿਨ 1975 ’ਚ ਤਾਨਾਸ਼ਾਹ ਇੰਦਰਾ ਗਾਂਧੀ ਵੱਲੋਂ ਦੇਸ਼ ਭਰ ’ਚ ਜਮਹੂਰੀਅਤ ਦਾ ਗਲਾ ਘੁੱਟ ਲਈ ਲਗਾਈ ਐਮਰਜੈਂਸੀ ਦੀ ਕਾਲੀ ਯਾਦ ’ਚ ਮੋਦੀ ਵੱਲੋਂ ਵੱਖ ਵੱਖ ਢੰਗਾਂ ਨਾਲ ਥੋਪੀ ਜਾ ਰਹੀ ਐਮਰਜੈਂਸੀ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਮੁਲਾਜ਼ਮ ਆਗੂ ਜਗਦੀਸ਼ ਸਿੰਘ ਨੇ ਲੋਕਾਂ ਨੂੰ ਲੋਕ ਸਰੋਕਾਰ ਨਾਲ ਜੁੜਨ ਤੇ ਜੂਝਣ ਦਾ ਸੱਦਾ ਦਿਤਾ। ਕਿਸਾਨ ਆਗੂ ਇੰਦਰਜੀਤ ਸਿੰਘ ਧਾਲੀਵਾਲ ਤੇ ਹਰਪ੍ਰੀਤ ਸਿੰਘ ਸਿੱਧਵਾਂ ਨੇ ਖੇਤੀ ਮੰਤਰੀ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੋਦੀ ਹਕੂਮਤ ਦੇ ਮੰਤਰੀ ਜਾਣਬੁੱਝ ਭੜਕਾਊ ਬਿਆਨਬਾਜ਼ੀ ਕਰ ਰਹੇ ਹਨ। ਅਸਲ ’ਚ ਅਜਿਹਾ ਕਰਕੇ ਉਹ ਸੰਘਰਸ਼ਸ਼ੀਲ ਕਿਸਾਨਾਂ ਨੂੰ ਉਕਸਾਉਣਾ ਚਾਹੁੰਦੇ ਹਨ ਪਰ ਕਿਸਾਨ ਸਰਕਾਰ ਦੇ ਹਰ ਜਬਰ ਦਾ ਸਬਰ ਨਾਲ ਜਵਾਬ ਦੇ ਰਹੇ ਹਨ। ਇਸ ਸਮੇਂ ਕੰਵਲਜੀਤ ਖੰਨਾ, ਬੰਤਾ ਸਿੰਘ ਡੱਲਾ, ਮਦਨ ਸਿੰਘ, ਮਲਕੀਤ ਸਿੰਘ ਰੂਮੀ ਆਦਿ ਆਗੂ ਮੌਜੂਦ ਸਨ।

ਕਿਸਾਨ ਮੋਰਚਿਆਂ ਕਾਰਨ ਮੋਦੀ ਸਰਕਾਰ ਅੰਦਰੋਂ ਹਿੱਲੀ

ਗੁਰੂਸਰ ਸੁਧਾਰ (ਸੰਤੋਖ ਗਿੱਲ): ਕਿਲ੍ਹਾ ਰਾਏਪੁਰ ਵਿੱਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਦੇ ਲੜੀਵਾਰ ਧਰਨੇ ਦੇ 171ਵੇਂ ਦਿਨ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ਅਤੇ ਦੇਸ਼ ਦੇ ਵੱਖ-ਵੱਖ ਭਾਗਾਂ ਵਿਚ ਚੱਲ ਰਹੇ ਇਤਿਹਾਸਕ ਪੱਕੇ ਕਿਸਾਨ ਮੋਰਚਿਆਂ ਕਾਰਨ ਮੋਦੀ ਸਰਕਾਰ ਅੰਦਰੋਂ ਹਿੱਲੀ ਪਈ ਹੈ, ਇਸ ਦਾ ਅੰਦਾਜ਼ਾ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਆਪਾ ਵਿਰੋਧੀ ਬਿਆਨਾਂ ਤੋਂ ਲਾਇਆ ਜਾ ਸਕਦਾ ਹੈ। ਆਗੂਆਂ ਨੇ ਮੋਦੀ ਹਕੂਮਤ ਨੂੰ ਹੈਂਕੜ ਛੱਡ ਕੇ ਮਸਲੇ ਦਾ ਹੱਲ ਲੱਭਣ ਦੀ ਅਪੀਲ ਕੀਤੀ। ਲੜੀਵਾਰ ਧਰਨੇ ਦੀ ਅਗਵਾਈ ਸੁਖਵਿੰਦਰ ਕੌਰ, ਪਰਮਜੀਤ ਕੌਰ ਅਤੇ ਮਹਿੰਦਰ ਕੌਰ ਨੇ ਕੀਤੀ। ਜਨਵਾਦੀ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ, ਅਮਨਦੀਪ ਕੌਰ, ਕੁਲਜੀਤ ਕੌਰ ਗਰੇਵਾਲ, ਜਮਹੂਰੀ ਕਿਸਾਨ ਸਭਾ ਦੇ ਆਗੂ ਜਗਤਾਰ ਸਿੰਘ ਚਕੋਹੀ, ਅਮਰੀਕ ਸਿੰਘ ਜੜਤੌਲੀ, ਚਰਨਜੀਤ ਸਿੰਘ ਗਰੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਹਕੂਮਤ ਵੱਲੋਂ ਕਿਸਾਨੀ ਮੰਗਾਂ ਵੱਲ ਵੱਟੀ ਘੇਸਲ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਵਿਚ ਗ਼ੁੱਸਾ ਦਿਨੋਂ ਦਿਨ ਵੱਧ ਰਿਹਾ ਹੈ ਅਤੇ ਇਸ ਦਾ ਖ਼ਮਿਆਜ਼ਾ ਸਾਰੇ ਦੇਸ਼ ਵਿਚ ਭਾਜਪਾ ਆਗੂਆਂ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾ ਮੌਕਾ ਨਹੀਂ ਹੈ ਜਦੋਂ ਦੇਸ਼ ਦੇ ਕਿਸਾਨਾਂ ਨੇ ਲੰਬਾ ਘੋਲ ਲੜਿਆ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਖ਼ਰ ਝੁਕਣਾ ਹੀ ਪਵੇਗਾ, ਨਹੀਂ ਸੱਤਾ ਤੋਂ ਹੱਥ ਧੋਣੇ ਪੈਣਗੇ। ਉੱਧਰ ਲੁਧਿਆਣਾ-ਬਠਿੰਡਾ ਰਾਜ ਮਾਰਗ ਦੇ ਹਿੱਸੋਵਾਲ-ਰਕਬਾ ਟੌਲ ਪਲਾਜ਼ਾ ਉੱਪਰ ਕਿਸਾਨ ਮਜ਼ਦੂਰ ਜਥੇਬੰਦੀਆਂ ਦਾ ਲੜੀਵਾਰ ਧਰਨਾ ਜਾਰੀ ਰਿਹਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

ਕਿਸਾਨ ਬੀਬੀਆਂ ਨੇ ਸੰਭਾਲੀ ਕਿਸਾਨ ਸੰਸਦ ਦੀ ਕਮਾਨ; ਮਹਿਲਾ ਕਿਸਾਨ ਆਗੂ ਕ...

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਰਾਜ ਭਵਨ ਜਾ ਕੇ ਰਾਜਪਾਲ ਗਹਿਲੋਤ ਨੂੰ ਅਸਤੀਫ਼ਾ ਸੌਂਪਿਆ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਪੁਲੀਸ ਨੇ ਰਣਦੀਪ ਸੁਰਜੇਵਾਲਾ ਤੇ ਬੀ.ਵੀ. ਸ੍ਰੀਨਿਵਾਸ ਸਣੇ ਹੋਰ ਕਈ ਕਾਂਗ...

ਸ਼ਹਿਰ

View All