ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਵਿਉਂਤਬੰਦੀ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨ, ਲੈਂਡ ਪੂਲ ਨੀਤੀ ਵਾਪਸ ਲੈਣ, ਆਬਾਦਕਾਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ, ਕਿਸਾਨਾਂ-ਮਜ਼ਦੂਰਾਂ ਅਤੇ ਮੁਲਾਜ਼ਮਾਂ ਉੱਪਰ ਜਬਰ-ਜ਼ੁਲਮ ਬੰਦ ਕਰਨ, ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ, ਬਿਜਲੀ ਅਤੇ ਬੀਜ ਬਿੱਲ ਖ਼ਤਮ ਕਰਨ ਅਤੇ ਫ਼ਸਲਾਂ ਦੇ ਲਾਹੇਵੰਦ ਭਾਅ ਦੇਣ ਸਮੇਤ ਹੋਰ ਕਿਸਾਨੀ ਮੰਗਾਂ ਬਾਰੇ ਸਰਕਾਰ ਦੀ ਟਾਲ-ਮਟੋਲ ਖ਼ਿਲਾਫ਼ 5 ਅਕਤੂਬਰ ਨੂੰ ਡੀ ਸੀ ਦਫ਼ਤਰਾਂ ਦੇ ਘਿਰਾਓ ਕੀਤੇ ਜਾਣਗੇ। ਧਰਨੇ ਲਈ ਲਾਮਬੰਦੀ ਕਰਦਿਆਂ ਪਿੰਡ ਨਾਰੰਗਵਾਲ ਦੇ ਗੁਰਦੁਆਰਾ ਸਾਹਿਬ ਅਕਾਲੀ ਵਾਲਾ ਵਿੱਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੀ ਪ੍ਰਧਾਨਗੀ ਹੇਠ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਹੋਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਕਿਸਾਨ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰਾਂ ਵੱਲੋਂ ਟਾਲਮਟੋਲ ਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ 22 ਸਤੰਬਰ ਨੂੰ ਪਿੰਡ ਸਿਆੜ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਮੀਟਿੰਗ ਵਿੱਚ ਮਨੋਹਰ ਸਿੰਘ ਕਲਾਹੜ, ਚਰਨਜੀਤ ਸਿੰਘ ਫੱਲੇਵਾਲ, ਜਗਮੀਤ ਸਿੰਘ ਕਲਾਹੜ, ਬਲਵੰਤ ਸਿੰਘ ਘੁਡਾਣੀ, ਨਾਜ਼ਰ ਸਿੰਘ ਸਿਆੜ, ਦਰਸ਼ਨ ਸਿੰਘ ਫੱਲੇਵਾਲ, ਹਾਕਮ ਸਿੰਘ ਜਰਗੜੀ, ਮਨਜੀਤ ਸਿੰਘ ਬੁਢੇਲ, ਗੁਰਦੇਵ ਸਿੰਘ ਨਾਰੰਗਵਾਲ ਅਤੇ ਪਾਲ ਸਿੰਘ ਸਣੇ ਹੋਰ ਕਿਸਾਨ ਹਾਜ਼ਰ ਸਨ।

