ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 11 ਅਗਸਤ
ਲੋਕ ਸਭਾ ’ਚ ਵਿਰੋਧ ਦੇ ਬਾਵਜੂਦ ਪੇਸ਼ ਕੀਤੇ ਬਿਜਲੀ ਸੋਧ ਬਿੱਲ ਖ਼ਿਲਾਫ਼ ਰੋਸ ਪ੍ਰਗਟਾਉਣ ਦੀ ਲੜੀ ’ਚ ਅੱਜ ਇੱਥੇ ਅਨਾਜ ਮੰਡੀ ਵਿੱਚ ਮੁਜ਼ਾਹਰਾ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਦੀ ਅਗਵਾਈ ’ਚ ਸਭ ਤੋਂ ਪਹਿਲਾਂ ਬਿੱਲ ਦੀਆਂ ਕਾਪੀਆਂ ਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਰੋਸ ਪ੍ਰਦਰਸ਼ਨ ’ਚ ਗੱਲਾ ਮਜ਼ਦੂਰ ਯੂਨੀਅਨ ਵੱਲੋਂ ਰਾਜਪਾਲ ਪਾਲਾ, ਦੇਵ ਰਾਜ, ਹਰੀ ਰਾਮ ਨੇ ਸ਼ਮੂਲੀਅਤ ਕੀਤੀ। ਕਿਸਾਨ ਮਜ਼ਦੂਰ ਆਗੂਆਂ ਨੇ ਕਿਹਾ ਕਿ ਹੰਕਾਰ ਦਾ ਸ਼ਿਕਾਰ ਮੋਦੀ ਹਕੂਮਤ ਲੋਕ ਵਿਰੋਧ ਦੇ ਬਾਵਜੂਦ ਮਨਮਰਜ਼ੀਆਂ ਕਰਨ ਤੋਂ ਪਰਹੇਜ਼ ਨਹੀਂ ਕਰਦੀ। ਪਹਿਲਾਂ ਹੀ ਇਸ ਸਰਕਾਰ ਨੇ ਜਨਤਾ ਦੇ ਰੋਹ ਤੇ ਭਾਵਨਾ ਦੇ ਉਲਟ ਜਾ ਕੇ ਕਈ ਅਜਿਹੇ ਕਾਨੂੰਨ ਬਣਾਏ ਹਨ ਤੇ ਕੰਮ ਕੀਤੇ ਹਨ ਜਿਨ੍ਹਾਂ ਦਾ ਦੇਸ਼ ਭਰ ’ਚ ਭਾਰੀ ਰੋਸ ਦੇਖਣ ਨੂੰ ਮਿਲਦਾ ਹੈ। ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨ ਅੰਦੋਲਨ ਦੇ ਵਾਪਸ ਲੈਣ ਲਈ ਮਜਬੂਰ ਕੀਤਾ ਸੀ, ਪਰ ਇਸ ਦੇ ਬਾਵਜੂਦ ਸਰਕਾਰ ਦਾ ਦਿਮਾਗ ਟਿਕਾਣੇ ਨਹੀਂ ਜਾਪਦਾ। ਸੰਯੁਕਤ ਕਿਸਾਨ ਮੋਰਚੇ ਨਾਲ ਸਮਝੌਤੇ ਦੇ ਉਲਟ ਜਾ ਕੇ ਹੁਣ ਇਹ ਬਿਜਲੀ ਸੋਧ ਬਿੱਲ ਪੇਸ਼ ਕੀਤਾ ਗਿਆ ਹੈ। ਮੋਦੀ ਸਰਕਾਰ ’ਤੇ ਦੇਸ਼ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਮੁਨਕਰ ਹੋਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਦਵਿੰਦਰ ਸਿੰਘ ਕਾਉਂਕੇ, ਕੁਲਦੀਪ ਸਿੰਘ, ਜਗਜੀਤ ਸਿੰਘ, ਬਲਬੀਰ ਸਿੰਘ ਅਗਵਾੜ ਲੋਪੋਂ ਵੀ ਮੌਜੂਦ ਸਨ। ਇਸ ਮੌਕੇ ਸ਼ਹੀਦ ਕਿਰਨਜੀਤ ਕੌਰ ਦੀ 12 ਅਗਸਤ ਨੂੰ 25ਵੀਂ ਬਰਸੀ ਮੌਕੇ ਮਹਿਲ ਕਲਾਂ ਸ਼ਹੀਦੀ ਸਮਾਗਮ ’ਚ ਪੁੱਜਣ ਦਾ ਸੱਦਾ ਵੀ ਦਿੱਤਾ ਗਿਆ।