ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 10 ਜੁਲਾਈ
ਕਿਸਾਨ ਸੰਘਰਸ਼ ਦੇ 284ਵੇਂ ਦਿਨ ’ਚ ਦਾਖਲ ਹੋਣ ’ਤੇ ਅੱਜ ਸਥਾਨਕ ਰੇਲਵੇ ਪਾਰਕ ਮੋਰਚੇ ’ਚ ਕਿਸਾਨ ਆਗੂਆਂ ਨੇ ਖੇਤੀ ਮੰਤਰੀ ਨਰਿੰਦਰ ਤੋਮਰ ਨੂੰ ਮੋਦੀ ਵਾਂਗ ਹੀ ਗੋਬਲਜ ਦਾ ਚੇਲਾ ਕਰਾਰ ਦਿੰਦਿਆਂ ਖੇਤੀਬਾੜੀ ਢਾਂਚਾਗਤ ਵਿਕਾਸ ਫੰਡ ਨੂੰ ਇਕ ਨਵਾਂ ‘ਜੁਮਲਾ’ ਕਰਾਰ ਦਿੱਤਾ। ਕਿਸਾਨ ਆਗੂ ਦਰਸ਼ਨ ਸਿੰਘ ਗਾਲਬਿ, ਗੁਰਪ੍ਰੀਤ ਸਿੰਘ ਸਿੱਧਵਾਂ ਨੇ ਕਿਹਾ ਕਿ ਇਹ ਅਸਲ ’ਚ ਖੇਤੀਬਾੜੀ ਢਾਂਚਾਗਤ ਫੰਡ ’ਚ ਕੁਝ ਸੋਧਾਂ ਜੋੜੀਆਂ ਗਈਆਂ ਹਨ, ਜਿਨ੍ਹਾਂ ਰਾਹੀਂ ਖੇਤੀ ਸੈਕਟਰ ਨੂੰ ਕਾਰਪੋਰੇਟਾਂ ਦੇ ਹਵਾਲੇ ਕਰਨਾ ਹੈ। ਮੰਡੀ ਪ੍ਰਬੰਧ ਦੀ ਮਜ਼ਬੂਤੀ ਦਾ ਪ੍ਰਚਾਰ ਤਾਂ ਲੋਕਾਂ ਨੂੰ ਗੁਮਰਾਹ ਕਰਨਾ ਹੈ। ਲੋਕ ਆਗੂ ਕੰਵਲਜੀਤ ਖੰਨਾ ਨੇ ਘਰੇਲੂ ਬਿਜਲੀ ਦੇ ਵਧ ਰਹੇ ਕੱਟਾਂ ਲਈ ਕੈਪਟਨ ਸਰਕਾਰ ਦੇ ਦੁਰਪ੍ਰਬੰਧ ਨੂੰ ਜ਼ਿੰਮੇਵਾਰ ਠਹਿਰਾਇਆ। ਇਸੇ ਤਰ੍ਹਾਂ ਚੌਕੀਮਾਨ ਟੌਲ ’ਤੇ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਕਾਮਾਗਾਟਾਮਾਰੂ ਯਾਦਗਾਰੀ ਕਮੇਟੀ ਅਤੇ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਧਰਨਾ 10 ਮਹੀਨੇ ਤੋਂ ਲਗਾਤਾਰ ਜਾਰੀ ਹੈ।
ਖੰਨਾ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਦਾ ਧਰਨਾ ਜਾਰੀ
ਖੰਨਾ (ਜੋਗਿੰਦਰ ਸਿੰਘ ਓਬਰਾਏ): ਇਥੋਂ ਦੇ ਰੇਲਵੇ ਸਟੇਸ਼ਨ ’ਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਹਰਜਿੰਦਰ ਸਿੰਘ ਰਤਨਹੇੜੀ, ਅਮਨਦੀਪ ਵਰਮਾ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੁਆਰਾ ਚੁਣੀ ਗਈ ਮੋਦੀ ਸਰਕਾਰ ਆਮ ਲੋਕਾਂ ਦੀ ਥਾਂ ਕਾਰਪੋਰੇਟ ਘਰਾਣਿਆਂ ਲਈ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਦੇਸ਼ ਦੇ ਅੰਨਦਾਤੇ ਨੂੰ ਬਰਬਾਦ ਕਰਨ ਵਾਲੇ ਮੌਜੁੂਦਾ ਸਮੇਂ ਦੇ ਔਰੰਗਜੇਬ ਸਾਬਤ ਹੋ ਰਹੇ ਹਨ।